ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖ (23) ਵਾਸੀ ਪਿੰਡ ਚੀਚਾ ਅੰਮ੍ਰਿਤਸਰ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ (37) ਵਾਸੀ ਪਿੰਡ ਲੋਧੀ ਗੁੱਜਰ ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ ਸ਼ਰੇਆਮ ਅਪਰਾਧੀ ਹਨ, ਜਿਨ੍ਹਾਂ ਖਿਲਾਫ ਅਗਵਾ ਅਤੇ ਹਥਿਆਰ ਰੱਖਣ ਦੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨੀ-ਨਿਰਮਿਤ), ਦੋ 9 ਐਮਐਮ ਗਲੋਕ ਪਿਸਤੌਲ (ਆਸਟ੍ਰੀਅਨ-ਬਣਤ), ਇੱਕ 9 ਐਮਐਮ ਗਲੋਕ ਪਿਸਤੌਲ (ਯੂਐਸ-ਨਿਰਮਿਤ), ਅਤੇ ਦੋ .30 ਬੋਰ (ਤੁਰਕੀ ਦੀ ਬਣੀ) ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰੋਂ ਤਸਕਰਾਂ ਦੇ ਸੰਪਰਕ ਵਿੱਚ ਸਨ ਜਿਨ੍ਹਾਂ ਨੇ ਕਥਿਤ ਤੌਰ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਅਤੇ ਫਿਰ ਪੰਜਾਬ ਵਿੱਚ ਅਪਰਾਧੀਆਂ ਨੂੰ ਸਪਲਾਈ ਕੀਤੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਮੁਲਜ਼ਮ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮ ਸੀ।
ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੇ ਇੱਕ ਹੋਰ ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਜਿੰਦਰ ਦੀ ਪਹਿਚਾਣ ਕਰਕੇ ਉਸ ਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਖੁਲਾਸੇ ਦੇ ਆਧਾਰ ’ਤੇ ਪੁਲੀਸ ਨੇ ਉਸ ਵੱਲੋਂ ਦੱਸੇ ਟਿਕਾਣੇ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ ਹਨ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਉਰਫ਼ ਸੁੱਖ ਥਾਣਾ ਛੇਹਰਟਾ ਵਿਖੇ ਦਰਜ ਇੱਕ ਕੇਸ ਵਿੱਚ ਪਹਿਲਾਂ ਹੀ ਲੋੜੀਂਦਾ ਸੀ, ਜਿਸ ਵਿੱਚ ਉਸ ਦੇ ਚਾਰ ਸਾਥੀਆਂ ਨੂੰ ਪਹਿਲਾਂ 7 ਪਿਸਤੌਲਾਂ ਅਤੇ 12 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਸਬੰਧ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ- ਥਾਣਾ ਛੇਹਰਟਾ ਵਿਖੇ ਐਫਆਈਆਰ ਨੰਬਰ 115 ਮਿਤੀ 26-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਤਹਿਤ ਅਤੇ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ ਐਫਆਈਆਰ ਨੰਬਰ 93 ਮਿਤੀ 29-05-2026 ਨੂੰ ਦਰਜ ਕੀਤਾ ਗਿਆ ਹੈ।
