ਉਨ੍ਹਾਂ ਨੂੰ ਠੇਕਾ ਆਧਾਰਿਤ ਮੁਲਾਜ਼ਮਾਂ ਵਾਂਗ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ
ਚੰਡੀਗੜ੍ਹ, 4 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਸੇਵਾ ਕੇਂਦਰਾਂ’ ਦੇ ਕੁਝ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ।
ਇੱਥੋਂ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਇਹ ਵਰਕਰ ਪਿਛਲੇ ਕਈ ਦਿਨਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ਇਨ੍ਹਾਂ ਕੁਝ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦਾ ਪੂਰੀ ਤਰ੍ਹਾਂ ਮਨਮਾਨੀ, ਤਾਨਾਸ਼ਾਹੀ ਅਤੇ ਗੈਰ-ਜਮਹੂਰੀ ਰਵੱਈਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵੱਖ-ਵੱਖ ‘ਸੇਵਾ ਕੇਂਦਰਾਂ’ ‘ਚ ਕੰਮ ਕਰਦੇ ਇਹ ਮੁਲਾਜ਼ਮ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਨੂੰ ਅਹਿਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਵੀ ਹੋਰਨਾਂ ਸਰਕਾਰੀ ਮੁਲਾਜ਼ਮਾਂ ਵਾਂਗ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਵੜਿੰਗ ਨੇ ਮੰਗ ਕੀਤੀ ਹੈ ਕਿ ਬਰਖ਼ਾਸਤ ਮਜ਼ਦੂਰ ਆਗੂਆਂ ਦੀ ਬਰਖ਼ਾਸਤਗੀ ਤੁਰੰਤ ਵਾਪਸ ਲਈ ਜਾਵੇ ਅਤੇ ਉਨ੍ਹਾਂ ਨੂੰ ਹੋਰ ਠੇਕਾ ਆਧਾਰਿਤ ਮੁਲਾਜ਼ਮਾਂ ਵਾਂਗ ਸਰਕਾਰੀ ਨੌਕਰੀ ਵਿੱਚ ਰੈਗੂਲਰ ਕੀਤਾ ਜਾਵੇ।
