ਪੰਜਾਬ ਨਿਊਜ਼: ਕਪੂਰਥਲਾ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਪੰਜਾਬ ਸਰਕਾਰ ਵੱਲੋਂ ਅੱਜ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ। ਸੰਤ ਮਹਾਂਪੁਰਸ਼ਾਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਾਲਾਨਾ ਸਮਾਗਮਾਂ ਦੀ ਲੜੀ ਵਿਚ ਇਹ ਤੀਜਾ ਵੱਡਾ ਕੀਰਤਨ ਦਰਬਾਰ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਕੀਤਾ | ਵਿਸ਼ੇਸ਼ ਤੌਰ ‘ਤੇ ਪੁੱਜੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਵਡਮੁੱਲੀਆਂ ਸਿੱਖਿਆਵਾਂ ਅਤੇ ਪਾਵਨ ਬਾਣੀ ਨੂੰ ਹਰ ਘਰ ਤੱਕ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਮਹਿੰਦਰਾ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਇਤਿਹਾਸ ਦੇ ਇਸ ਮਹਾਨ ਦੌਰ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਗੁਰੂ ਸਾਹਿਬ ਦਾ 650ਵਾਂ ਪ੍ਰਕਾਸ਼ ਪੁਰਬ ਸਾਰਾ ਸਾਲ ਮਨਾਉਣ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਪ੍ਰਣ ਕੀਤਾ ਕਿ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਸਹਿਯੋਗ ਦੇਣਾ ਸਰਕਾਰ ਦਾ ਫਰਜ਼ ਹੈ ਅਤੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਪ੍ਰਚਾਰ ਪੰਜਾਬ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੇਂ ਦੀ ਜਾਤ-ਪਾਤ ਅਤੇ ਸਮਾਜਿਕ ਅਸਮਾਨਤਾ ਵਿਰੁੱਧ ਆਵਾਜ਼ ਉਠਾਈ ਅਤੇ ਸਮਾਜਿਕ ਬਰਾਬਰੀ ਦਾ ਹੋਕਾ ਦਿੱਤਾ। ਉਨ੍ਹਾਂ ਦੱਸਿਆ ਕਿ ਫਰਵਰੀ 2026 ਤੋਂ ਸ਼ੁਰੂ ਹੋਏ ਇਹ ਸਮਾਗਮ ਫਰਵਰੀ 2027 ਤੱਕ ਜਾਰੀ ਰਹਿਣਗੇ, ਜਿਸ ਦੌਰਾਨ 10 ਵੱਡੇ ਕੀਰਤਨ ਦਰਬਾਰ ਕਰਵਾਏ ਜਾਣਗੇ | ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਚਾਰ ਵਿਸ਼ੇਸ਼ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਕਾਸ਼ੀ, ਬਠਿੰਡਾ, ਫਰੀਦਕੋਟ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਪਤ ਹੋਣਗੀਆਂ। ਇਸ ਤੋਂ ਇਲਾਵਾ ਸਾਰੀਆਂ ਵਿਧਾਨ ਸਭਾਵਾਂ ਵਿੱਚ ਡਰੋਨ ਸ਼ੋਅ ਕਰਵਾਏ ਜਾਣਗੇ ਅਤੇ ਗੁਰੂ ਸਾਹਿਬ ਦੇ ਜੀਵਨ ’ਤੇ ਆਧਾਰਿਤ ਵਿਸ਼ੇਸ਼ ਫਿਲਮ ਪਿੰਡ-ਪਿੰਡ ਦਿਖਾਈ ਜਾਵੇਗੀ। ਇਸ ਮੌਕੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੈ ਦੱਤ, ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਹਲਕਾ ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਪਾਰ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ, ਇੰਦਰਜੀਤ ਸਿੰਘ ਏਪੀਪੀ ਆਗੂ ਤੇ ਹੋਰ ਵੀ ਹਾਜ਼ਰ ਸਨ।
