ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਆਦਮੀ ‘ਤੇ ਵਧਾਇਆ ਮਹਿੰਗਾਈ ਦਾ ਬੋਝ, ਕੇਂਦਰ ਸਰਕਾਰ ਤੁਰੰਤ ਵਾਧਾ ਵਾਪਸ ਲਵੇ: ਹਰਪਾਲ ਸਿੰਘ ਚੀਮਾ


ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਗਰੀਬ ਅਤੇ ਮੱਧ ਵਰਗ ਪਰਿਵਾਰ ਪਹਿਲਾਂ ਹੀ ਸੰਘਰਸ਼ ਕਰ ਰਹੇ ਹਨ, ਭਾਜਪਾ ਰਾਹਤ ਦੇਣ ਵਿੱਚ ਅਸਫਲ : ਹਰਪਾਲ ਸਿੰਘ ਚੀਮਾ*

*ਡੀਜ਼ਲ, ਐਲਪੀਜੀ, ਸੀਐਨਜੀ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਲੱਖਾਂ ਪਰਿਵਾਰਾਂ ਦਾ ਜੀਵਨ ਮਹਿੰਗਾ ਕਰ ਰਿਹਾ ਹੈ: ਹਰਪਾਲ ਸਿੰਘ ਚੀਮਾ*

*ਤੇਲ ਦੀਆਂ ਕੀਮਤਾਂ ਵਧਾ ਕੇ ਜਨਤਾ ਨੂੰ ਲੁੱਟਣ ਦੇ ਬਹਾਨੇ ਭਾਜਪਾ ਗਲੋਬਲ ਤਣਾਅ ਨੂੰ ਵਰਤ ਰਹੀ ਹੈ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 7 ਜੂਨ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਵਿੱਚ ਆਮ ਨਾਗਰਿਕਾਂ ਦਾ ਜਿਉਣਾ ਦਿਨੋਂ ਦਿਨ ਔਖਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਹੋਰ ਵਾਧਾ ਕੀਤਾ ਹੈ।

ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 29 ਰੁਪਏ ਦੇ ਵਾਧੇ ‘ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਵਾਧੇ ਤੋਂ ਬਾਅਦ ਹੁਣ ਇੱਕ ਵਾਰ ਫਿਰ ਘਰੇਲੂ ਰਸੋਈਆਂ ‘ਤੇ ਬੋਝ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਹਰ ਪਾਸਿਓਂ ਮਹਿੰਗਾਈ ਦੀ ਮਾਰ ਹੇਠ ਆ ਰਿਹਾ ਹੈ। ਡੀਜ਼ਲ, ਐਲਪੀਜੀ, ਸੀਐਨਜੀ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਦਾ ਰੋਜ਼ਾਨਾ ਜੀਵਨ ਮਹਿੰਗਾ ਹੋ ਰਿਹਾ ਹੈ।

‘ਆਪ’ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਅਮਰੀਕਾ-ਇਰਾਨ ਜੰਗ ਸਮੇਤ ਕੌਮਾਂਤਰੀ ਘਟਨਾਵਾਂ ਨੂੰ ਬਹਾਨੇ ਵਜੋਂ ਵਰਤ ਕੇ ਨਾਗਰਿਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ‘ਤੇ ਕਾਬੂ ਪਾਉਣ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਤੋਂ ਰਾਹਤ ਦੇਣ ਦੇ ਵਾਅਦੇ ‘ਤੇ ਸੱਤਾ ‘ਚ ਆਉਣ ਦੇ ਬਾਵਜੂਦ ਭਾਜਪਾ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ‘ਚ ਲਗਾਤਾਰ ਅਸਫਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਹਲਵਾਈਆਂ ਅਤੇ ਸਥਾਨਕ ਢਾਬਿਆਂ/ਹੋਟਲਾਂ ਨੂੰ ਪ੍ਰਭਾਵਿਤ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਨੇ ਪਹਿਲਾਂ ਹੀ ਛੋਟੇ ਕਾਰੋਬਾਰੀਆਂ, ਹਲਵਾਈਆਂ ਅਤੇ ਸਥਾਨਕ ਖਾਣ-ਪੀਣ ਵਾਲੇ ਦੁਕਾਨਦਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਧਣ ਨਾਲ ਪਰਿਵਾਰਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਆਰਥਿਕ ਦਬਾਅ ਵਧੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਆਮ ਲੋਕਾਂ ਦੀ ਖਰੀਦ ਸ਼ਕਤੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ਾਂ ਦਾ ਦੌਰਾ ਕਰਦੇ ਹਨ, ਪਰ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅੰਦਰਲੇ ਨਾਗਰਿਕਾਂ ਨੂੰ ਰਾਹਤ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ ਹਨ।

ਹਰਪਾਲ ਸਿੰਘ ਚੀਮਾ ਨੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਾਰ-ਵਾਰ ਵਧਾਉਣ ਦੀ ਬਜਾਏ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਸ਼ ਨੂੰ ਆਰਥਿਕ ਤੰਗੀ ਵੱਲ ਧੱਕ ਰਿਹਾ ਹੈ। ਕੇਂਦਰ ਨੂੰ ਆਮ ਲੋਕਾਂ ‘ਤੇ ਬੋਝ ਪਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਅਸਲ ਰਾਹਤ ਦੇਣ ‘ਤੇ ਧਿਆਨ ਦੇਣਾ ਚਾਹੀਦਾ ਹੈ।

Leave a Comment

Your email address will not be published. Required fields are marked *

Scroll to Top