ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਕਾਦੀ ਰਾਜਪੂਤ ਵਿੱਚ ਦੇਰ ਸ਼ਾਮ ਇੱਕ ਵੱਡੀ ਘਟਨਾ ਵਾਪਰੀ। ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ (ਆਪ) ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ‘ਤੇ ਗੋਲੀ ਚਲਾ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰ ਛੱਡ ਕੇ ਆਪਣੀ ਗੱਡੀ ਵਿੱਚ ਬੈਠਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਸਰਪੰਚ ਦੇ ਚਾਚਾ ਮੁਖਬੈਨ ਸਿੰਘ ਅਨੁਸਾਰ ਦੋ ਨੌਜਵਾਨਾਂ ਨੇ ਤਿੰਨ ਗੋਲੀਆਂ ਚਲਾਈਆਂ, ਜੋ ਗੁਰਬਿੰਦਰ ਸਿੰਘ ਦੀਆਂ ਲੱਤਾਂ ਵਿੱਚ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਮੁਖਬੈਨ ਸਿੰਘ ਤੇ ਹੋਰ ਪਿੰਡ ਵਾਸੀ ਸਰਪੰਚ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ। ਸਰਪੰਚ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ। ਉਧਰ ਬਟਾਲਾ ਪੁਲੀਸ ਜ਼ਿਲ੍ਹੇ ਦੇ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
