ਜੇਲ੍ਹ ‘ਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ ਕੀਤੇ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਦੇ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਢਾਣੀ, ਪਿੰਡ ਖੁੱਡੀਆਂ ਹਲਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਇੱਕ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਤੋਂ ਹੀ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਨੈਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਬੈਕ-ਟੂ-ਬੈਕ ਲਿੰਕ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ ‘ਤੇ ਸੀ ਜਦੋਂ ਉਨ੍ਹਾਂ ਨੇ ਬਠਿੰਡਾ ਦੇ ਛਾਉਣੀ ਬਾਈਪਾਸ ਰਿੰਗ ਰੋਡ ‘ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਬੈਠੇ ਦੇਖਿਆ।

ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਲੁਕਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ‘ਤੇ ਪੁਲਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਨਾਜਾਇਜ਼ ਹਥਿਆਰ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ।

ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 156 ਮਿਤੀ 12.06.2026 ਦਰਜ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top