ਸ੍ਰੀ ਕੁਮਾਰ ਮੈਡੀਕਲ ਹਾਲ ਸੈਕਟਰ-11 ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਸ਼ੂਟਰਾਂ ਨੂੰ ਜਦੋਂ ਜੰਮੂ ਤੋਂ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ ਤਾਂ ਉਨ੍ਹਾਂ ਨੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਨੂੰ ਗੋਲੀ ਚਲਾਉਣੀ ਪਈ। ਘਟਨਾ ਦੌਰਾਨ ਮੁਲਜ਼ਮਾਂ ਵਿੱਚੋਂ ਦੋ ਆਰੀਅਨ ਅਤੇ ਸੰਨੀ ਮਹਿਰਾ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਦੋਂਕਿ ਤੀਜੇ ਮੁਲਜ਼ਮ ਨੂੰ ਵੀ ਪੁਲੀਸ ਨੇ ਕਾਬੂ ਕਰ ਲਿਆ।
ਖਬਰਾਂ ਅਨੁਸਾਰ ਚੰਡੀਗੜ੍ਹ ਪੁਲੀਸ ਜਾਨਕੀ ਦਾਸ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਜੰਮੂ ਤੋਂ ਚੰਡੀਗੜ੍ਹ ਲਿਆ ਰਹੀ ਸੀ। ਰਸਤੇ ਵਿੱਚ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪਹਿਲਾਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਨਾ ਰੁਕੇ ਤਾਂ ਜਵਾਬੀ ਕਾਰਵਾਈ ਵਿੱਚ ਗੋਲੀਆਂ ਚਲਾਈਆਂ ਗਈਆਂ।
ਆਰੀਅਨ ਅਤੇ ਸੰਨੀ ਮਹਿਰਾ ਨੂੰ ਗੋਲੀ ਮਾਰੀ ਗਈ ਹੈ; ਦੋਵਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਹੁਣ ਸਥਿਰ ਹੈ।
ਜ਼ਿਕਰਯੋਗ ਹੈ ਕਿ ਕੈਸ਼ੀਅਰ ਜਾਨਕੀ ਦਾਸ ਦੀ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ‘ਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਨਸਨੀਖੇਜ਼ ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ। ਜਾਂਚ ਦੌਰਾਨ ਜੰਮੂ-ਕਸ਼ਮੀਰ ਨਾਲ ਸਬੰਧ ਸਾਹਮਣੇ ਆਉਣ ‘ਤੇ ਪੁਲਸ ਟੀਮਾਂ ਨੇ ਉੱਥੇ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਅਤੇ ਆਰੀਅਨ, ਸੰਨੀ ਮਹਿਰਾ ਅਤੇ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
