ਚੰਡੀਗੜ੍ਹ, 18 ਜੂਨ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਂਟੀ ਨਾਰਕੋਟਿਕਸ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗੋਹਾਵਰ ਦੇ ਵਸਨੀਕ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਵਿੱਚ ਘਸੀਟਣ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਧਮਕੀਆਂ ਵੀ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸਆਈ ਪਹਿਲਾਂ ਵੀ ਉਸ ਤੋਂ ਵੱਖ-ਵੱਖ ਮੌਕਿਆਂ ’ਤੇ 6.50 ਲੱਖ ਰੁਪਏ ਰਿਸ਼ਵਤ ਦੇ ਤੌਰ ’ਤੇ ਲੈ ਚੁੱਕਾ ਹੈ ਅਤੇ ਆਪਣੀ ਭਰਜਾਈ ਨੂੰ ਕੇਸ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਦੀ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕੀਤੀ।
ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ। ਕਾਰਵਾਈ ਦੌਰਾਨ ਕਾਂਸਟੇਬਲ ਮਨਿੰਦਰ ਸਿੰਘ ਜੋ ਕਿ ਦੋਸ਼ੀ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਇਸ ਸਬੰਧ ਵਿਚ ਵਿਜੀਲੈਂਸ ਬਿਓਰੋ ਦੇ ਜਲੰਧਰ ਥਾਣੇ ਵਿਚ ਕਥਿਤ ਦੋਸ਼ੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
———
