*ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੀ ਭਲਾਈ ਲਈ ਵਚਨਬੱਧ*
ਚੰਡੀਗੜ੍ਹ, 7 ਜੁਲਾਈ:
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ, ਜੋ ਕਿ ਬਾਗਬਾਨੀ ਦੇ ਖੇਤਰ ਵਿੱਚ ਇੱਕ ਅਹਿਮ ਪ੍ਰਾਪਤੀ ਹੈ।
ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਕੀਮਤੀ ਬਾਗਬਾਨੀ ਫਸਲਾਂ ਵੱਲ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਬਾਗਬਾਨੀ ਨੂੰ ਵਧੇਰੇ ਲਾਭਦਾਇਕ ਅਤੇ ਟਿਕਾਊ ਬਣਾਉਣ ਵਿੱਚ ਮਦਦ ਮਿਲ ਰਹੀ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਕਿਸਾਨਾਂ ਨੂੰ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਪੱਧਰੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਸਕੀਮ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।
