ਪੰਜਾਬ ਵਿੱਚ ਨੌਕਰੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਨਹੀਂ ਸਗੋਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੁਹਾਲੀ ਦੇ ਸੈਕਟਰ-62 ਸਥਿਤ ਵਿਕਾਸ ਭਵਨ ਵਿੱਚ ਕਰਵਾਏ ਸਮਾਗਮ ਦੌਰਾਨ ਕੀਤਾ।
ਮੁੱਖ ਮੰਤਰੀ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਉਨ੍ਹਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰੀ ਭਰਤੀ ਵਿੱਚ ਪਾਰਦਰਸ਼ਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਵਿਭਾਗ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਾਰੀਆਂ ਸਰਕਾਰੀ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਸਖ਼ਤੀ ਨਾਲ ਦਿੱਤੀਆਂ ਜਾ ਰਹੀਆਂ ਹਨ। ਕਿਸੇ ਵੀ ਸਿਫ਼ਾਰਸ਼ ਜਾਂ ਸਿਆਸੀ ਦਬਾਅ ਨੇ ਇਸ ਪ੍ਰਕਿਰਿਆ ਵਿੱਚ ਭੂਮਿਕਾ ਨਹੀਂ ਨਿਭਾਈ। ਸਰਕਾਰ ਦਾ ਉਦੇਸ਼ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਸਰਕਾਰੀ ਸੇਵਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਉਣਾ ਹੈ।
ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰੇਗੀ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ। ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਅਤੇ ਵਿਭਾਗ ਦੇ ਸੀਨੀਅਰ ਮੈਂਬਰ ਵੀ ਹਾਜ਼ਰ ਸਨ।
