ਵਿਜੀਲੈਂਸ ਬਿਊਰੋ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਫੜਿਆ



ਚੰਡੀਗੜ੍ਹ, 14 ਜੁਲਾਈ 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਦਰ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜਿਲਾ ਰੋਪੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਮਰਹੂਮ ਪਿਤਾ ਨੇ ਵਕਫ਼ ਬੋਰਡ ਤੋਂ ਕਰੀਬ 6 ਏਕੜ ਜ਼ਮੀਨ 99 ਸਾਲ ਦੇ ਲੀਜ਼ ‘ਤੇ ਲਈ ਸੀ, ਜਿਸ ‘ਤੇ ਉਹ ਹੁਣ ਖੇਤੀ ਕਰ ਰਹੇ ਹਨ। ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਕੁਝ ਹਿੱਸੇ ’ਤੇ ਜ਼ਬਰਦਸਤੀ ਕਾਸ਼ਤ ਕਰਕੇ ਦੋ ਏਕੜ ਮੱਕੀ ਦੀ ਫ਼ਸਲ ਤਬਾਹ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲਿਸ ਨੇ ਦੂਸਰੀ ਧਿਰ ਤੇਜਪਾਲ ਸਿੰਘ ਦੀ ਦਰਖਾਸਤ ‘ਤੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਅਤੇ ਉਸਦੀ ਮਾਤਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਕੀਤਾ ਜਾ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ ਅਵਤਾਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੇਨਤੀ ਕਰਨ ‘ਤੇ ਏਐਸਆਈ ਅਵਤਾਰ ਸਿੰਘ 35,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 5,000 ਰੁਪਏ ਰਿਸ਼ਵਤ ਲੈ ਲਏ ਸਨ ਅਤੇ ਬਾਕੀ 30,000 ਰੁਪਏ ਦੇਣ ਲਈ ਕਿਹਾ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਐਸ.ਏ.ਐਸ. ਨਾਲ ਸੰਪਰਕ ਕੀਤਾ। ਨਗਰ ਪਹੁੰਚ ਗਏ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਓਰੋ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਐਸ.ਏ.ਐਸ. ਸਿਟੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top