*ਕੈਬਨਿਟ ਮੰਤਰੀ ਸੌਂਦ ਨੇ ਸਿਵਲ ਹਸਪਤਾਲ ਖੰਨਾ ਪਹੁੰਚ ਕੇ ਜ਼ਖਮੀ ਮਨਰੇਗਾ ਕਰਮਚਾਰੀ ਦਾ ਹਾਲ ਚਾਲ ਪੁੱਛਿਆ*
*ਮਨਰੇਗਾ ਮੁਲਾਜ਼ਮ ਯੂਨੀਅਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਸਰਪ੍ਰਸਤ ਵਰਿੰਦਰ ਸਿੰਘ*
ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ:
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਖੰਨਾ ਹਲਕੇ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਨੇ ਵਿਨੋਦ ਕੁਮਾਰ ਦਾ ਹਾਲ ਚਾਲ ਪੁੱਛਿਆ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦਾ ਮੁਫਤ ਅਤੇ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ, ਮਨਰੇਗਾ ਮੁਲਾਜ਼ਮਾਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਤੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਨਾਲ ਪਿਛਲੇ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਨਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕਰ ਦਿੱਤੇ ਹਨ ਅਤੇ ਨਵੀਂ ਪ੍ਰਣਾਲੀ ਵਿੱਚ ਇਨ੍ਹਾਂ ਨੂੰ ਯੋਗ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਮੁਲਾਜ਼ਮਾਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲਈਆਂ ਜਾਣ।
ਸ੍ਰੀ ਸੌਂਦ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਮੁਲਾਜ਼ਮਾਂ ਵਿੱਚ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਹਰ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਮਨਰੇਗਾ ਮੁਲਾਜ਼ਮਾਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਚੰਡੀਗੜ੍ਹ ਤੋਂ ਮੀਟਿੰਗਾਂ ਖਤਮ ਕਰਕੇ ਉਹ ਤੁਰੰਤ ਖੰਨਾ ਪੁੱਜੇ ਅਤੇ ਮਨਰੇਗਾ ਮੁਲਾਜ਼ਮਾਂ ਨਾਲ ਇਕ ਘੰਟੇ ਤੋਂ ਵੱਧ ਸਮਾਂ ਮੀਟਿੰਗ ਕੀਤੀ। ਉਨ੍ਹਾਂ ਉਚ ਅਧਿਕਾਰੀਆਂ ਨਾਲ ਫ਼ੋਨ ‘ਤੇ ਗੱਲ ਕਰਕੇ ਮਨਰੇਗਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ | ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤਰਸਯੋਗ ਅਤੇ ਸੰਵਿਧਾਨਕ ਤਰੀਕੇ ਨਾਲ ਹੱਲ ਕੀਤਾ ਜਾਵੇਗਾ।
ਇਸ ਮੌਕੇ ਮਨਰੇਗਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਰਪ੍ਰਸਤ ਵਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਤਹਿਤ ਸੇਵਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਡਾਕਟਰਾਂ ਨੂੰ ਜ਼ਖਮੀ ਮੁਲਾਜ਼ਮਾਂ ਦਾ ਮੁਫਤ ਅਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ।
ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਨਿਵਾਸ ਸਥਾਨ ‘ਤੇ ਮੰਗਾਂ ਸਬੰਧੀ ਵਿਸਥਾਰਤ ਮੀਟਿੰਗ ਹੋਈ, ਜਿਸ ‘ਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਾਇਜ਼ ਮੰਗਾਂ ਲਿਖਤੀ ਰੂਪ ‘ਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ ਅਤੇ ਕੇਂਦਰੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ।
ਇਸ ਮੌਕੇ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਡਾ. ਦਰਪਨ ਆਹਲੂਵਾਲੀਆ, ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।
