ਪਟਿਆਲਾ ਨਿਊਜ਼ : ਯੋਗ ਨੌਜਵਾਨਾਂ ਨੂੰ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ – ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ, ਯੂਨੀਵਰਸਿਟੀਆਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਮੁਖੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਮੁਹਾਲੀ ਵਿਖੇ ਹੋਣ ਵਾਲੇ ਖੇਤਰੀ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਵੱਧ ਤੋਂ ਵੱਧ ਅਸਾਮੀਆਂ ਇਕੱਠੀਆਂ ਕਰਨ ਲਈ ਸਥਾਨਕ ਉਦਯੋਗਾਂ ਅਤੇ ਕਾਰਪੋਰੇਟ ਸੰਸਥਾਵਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਡਾ: ਹਿਮਾਂਸ਼ੂ ਅਗਰਵਾਲ ਨੇ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਆਪਣੇ ਪਲੇਸਮੈਂਟ ਸੈੱਲਾਂ ਨੂੰ ਸਰਗਰਮ ਕਰਨ ਲਈ ਕਿਹਾ ਤਾਂ ਜੋ ਯੋਗ ਵਿਦਿਆਰਥੀਆਂ, ਅੰਤਿਮ ਸਾਲ ਦੇ ਵਿਦਿਆਰਥੀਆਂ ਅਤੇ ਡਿਪਲੋਮਾ ਹੋਲਡਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਖੇਤਰੀ ਟਰਾਂਸਪੋਰਟ ਦਫ਼ਤਰ ਨੂੰ ਇਹ ਵੀ ਹਦਾਇਤ ਕੀਤੀ ਕਿ ਨੌਕਰੀ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਪਟਿਆਲਾ ਤੋਂ ਮੁਹਾਲੀ ਤੱਕ ਟਰਾਂਸਪੋਰਟ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਿਆਲਾ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਅਤੇ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਇਹ ਮੈਗਾ ਰੋਜ਼ਗਾਰ ਮੇਲਾ ਉਨ੍ਹਾਂ ਨੂੰ ਪ੍ਰਮੁੱਖ ਰੁਜ਼ਗਾਰਦਾਤਾਵਾਂ ਨਾਲ ਸਿੱਧੇ ਤੌਰ ‘ਤੇ ਜੋੜਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਸਮੂਹ ਵਿਭਾਗਾਂ ਅਤੇ ਵਿਦਿਅਕ ਅਦਾਰਿਆਂ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨ ਅਤੇ ਇਸ ਮੇਲੇ ਨੂੰ ਸਫਲ ਬਣਾਉਣ ਲਈ ਤਾਲਮੇਲ ਨਾਲ ਕਾਰਵਾਈ ਕਰਨ ਲਈ ਕਿਹਾ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਅਤੇ ਨੌਕਰੀ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਵਿੱਦਿਅਕ ਅਦਾਰਿਆਂ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਇਸ ਮੈਗਾ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
