ਪੰਜਾਬ ਸਰਕਾਰ ਸੂਬੇ ਦੀ ਉਚੇਰੀ ਸਿੱਖਿਆ ਨੂੰ ਆਧੁਨਿਕਤਾ ਅਤੇ ਤਕਨਾਲੋਜੀ ਨਾਲ ਜੋੜਨ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪੰਜਾਬ ਵਿਧਾਨ ਸਭਾ ਦੇ ਆਗਾਮੀ ਮਾਨਸੂਨ ਸੈਸ਼ਨ ਦੌਰਾਨ ਬਿੱਲ ਪੇਸ਼ ਕੀਤਾ ਜਾਵੇਗਾ।
ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਨੂੰ ਦੇਸ਼ ਦਾ ਮੋਹਰੀ ਐਜੂਕੇਸ਼ਨ ਹੱਬ ਬਣਾਉਣਾ ਹੈ, ਤਾਂ ਜੋ ਪੰਜਾਬ ਦੇ ਵਿਦਿਆਰਥੀ ਆਪਣੇ ਸੂਬੇ ਵਿੱਚ ਹੀ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਡਿਜੀਟਲ ਯੂਨੀਵਰਸਿਟੀਆਂ ਰਾਹੀਂ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਤਕਨਾਲੋਜੀ ਆਧਾਰਿਤ ਸਿੱਖਿਆ, ਆਨਲਾਈਨ ਕੋਰਸ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਰੋਸੇਮੰਦ ਬਣਾਉਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਮਜ਼ਬੂਤ ਹੋਇਆ ਹੈ।
ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋਏ ਸੁਧਾਰਾਂ ਕਾਰਨ ਹੁਣ ਦੂਜੇ ਰਾਜਾਂ ਦੇ ਵਿਦਿਆਰਥੀ ਵੀ ਪੰਜਾਬ ਵਿੱਚ ਆ ਕੇ ਪੜ੍ਹਾਈ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਡਿਜੀਟਲ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਨਾ ਸਿਰਫ਼ ਉੱਚ ਸਿੱਖਿਆ ਦੇ ਪੱਧਰ ਵਿੱਚ ਵਾਧਾ ਹੋਵੇਗਾ, ਸਗੋਂ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਰਾਜਾਂ ਵਿੱਚ ਪੰਜਾਬ ਦੀ ਪਛਾਣ ਵੀ ਮਜ਼ਬੂਤ ਹੋਵੇਗੀ।
