ਚੰਡੀਗੜ੍ਹ: ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਹੜਤਾਲ ਕਰ ਰਹੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦਰਮਿਆਨ ਹੋਈ ਉੱਚ ਪੱਧਰੀ ਹਾਂ-ਪੱਖੀ ਗੱਲਬਾਤ ਤੋਂ ਬਾਅਦ ਇਹ ਮਸਲਾ ਸ਼ਾਂਤਮਈ ਮਾਹੌਲ ਵਿੱਚ ਹੱਲ ਹੋ ਗਿਆ ਹੈ।
ਇਸ ਅਹਿਮ ਫੈਸਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਅਤੇ ਮੁਲਾਜ਼ਮ ਆਗੂਆਂ ਵਿਚਕਾਰ ਗੱਲਬਾਤ ਬੜੇ ਸੁਖਾਵੇਂ ਅਤੇ ਮੀਟਿੰਗ ਦੇ ਮਾਹੌਲ ਵਿੱਚ ਹੋਈ। ਸਰਕਾਰ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਹੈ, ਜਿਸ ਤੋਂ ਬਾਅਦ ਯੂਨੀਅਨਾਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
