Punjab News: ਵਿਜੀਲੈਂਸ ਬਿਊਰੋ ਨੇ SDO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟੋਲਰੈਂਸ ਨੀਤੀ ਤਹਿਤ ਮਾਈਨਿੰਗ ਵਿਭਾਗ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਠ ਲੱਖ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਫ.ਆਈ.ਆਰ ਨੰ. 16 ਨੂੰ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਰਮਨਜੋਤ ਸਿੰਘ ਖ਼ਿਲਾਫ਼ 40 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋਸ਼ੀ ਐਸ.ਡੀ.ਓ 19,40,000/- ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਬੇਨਤੀ ਕਰਨ ‘ਤੇ ਦੋਸ਼ੀ ਐਸ.ਡੀ.ਓ ਨੇ ਸ਼ਿਕਾਇਤਕਰਤਾ ਦੇ ਖਿਲਾਫ ਉਸਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਕਾਰਵਾਈ ਨਾ ਕਰਨ ਬਦਲੇ ਅੱਠ ਲੱਖ ਰੁਪਏ ਦੀ ਰਿਸ਼ਵਤ ਲੈ ਲਈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਰਿਕਾਰਡਿੰਗ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਦੋਸ਼ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
