ਲੁਧਿਆਣਾ: ਸੂਬੇ ਦੇ ਉਦਯੋਗਿਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਵਿਭਾਗ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਾ ਉਦਯੋਗ ਕੇਂਦਰਾਂ ਵਿੱਚ ਤਾਇਨਾਤ 9 ਅਧਿਕਾਰੀਆਂ ਦੇ ਤਬਾਦਲੇ ਅਤੇ ਵਾਧੂ ਚਾਰਜ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।
ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਵਜੋਂ ਸੇਵਾਵਾਂ ਨਿਭਾਅ ਰਹੇ ਅਰਸ਼ਜੀਤ ਸਿੰਘ ਨੂੰ ਹੁਣ ਮੁੱਖ ਦਫ਼ਤਰ ਵਿਖੇ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਦੇ ਨਾਲ-ਨਾਲ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਦਾ ਚਾਰਜ ਵੀ ਸੌਂਪਿਆ ਗਿਆ ਹੈ। ਨਾਲ ਹੀ ਜਨਰਲ ਮੈਨੇਜਰ ਮਨਿੰਦਰ ਸਿੰਘ ਨੂੰ ਐਸ.ਏ.ਐਸ.ਨਗਰ ਅਤੇ ਗੋਬਿੰਦਗੜ੍ਹ ਤੋਂ ਬਦਲ ਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਲਾਇਆ ਗਿਆ ਹੈ।
ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਜਨਰਲ ਮੈਨੇਜਰ ਮਾਨ ਮਹਿੰਦਰ ਸਿੰਘ ਨੂੰ ਐਸ.ਬੀ.ਐਸ.ਨਗਰ ਅਤੇ ਰੂਪਨਗਰ ਤੋਂ ਬਦਲ ਕੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸੰਗਰੂਰ ਅਤੇ ਮਾਲੇਰਕੋਟਲਾ ਲਾਇਆ ਗਿਆ ਹੈ। ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਦਾ ਲੁਧਿਆਣਾ ਤੋਂ ਤਬਾਦਲਾ ਕਰਕੇ ਉਨ੍ਹਾਂ ਨੂੰ ਜਨਰਲ ਮੈਨੇਜਰ ਮੋਗਾ ਅਤੇ ਫਰੀਦਕੋਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੀਪ ਸਿੰਘ ਗਿੱਲ ਨੂੰ ਫਿਰੋਜ਼ਪੁਰ ਤੋਂ ਬਦਲ ਕੇ ਜਨਰਲ ਮੈਨੇਜਰ ਪਟਿਆਲਾ ਅਤੇ ਬਰਨਾਲਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਮੁੱਖ ਦਫ਼ਤਰ ਦੇ ਡਿਪਟੀ ਡਾਇਰੈਕਟਰ ਰਮਨਦੀਪ ਸਿੰਘ ਨੂੰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰੂਪਨਗਰ ਅਤੇ ਅੰਕੁਰ ਗੋਇਲ ਨੂੰ ਜਨਰਲ ਮੈਨੇਜਰ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਉਦਯੋਗ ਕੇਂਦਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਫੰਕਸ਼ਨਲ ਮੈਨੇਜਰ ਅਮਰਜੀਤ ਸਿੰਘ ਰਾਏ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨਤਾਰਨ ਅਤੇ ਨੀਰਜ ਕੁਮਾਰ ਨੂੰ ਕਾਰਜਕਾਰੀ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਵੀਂ ਤਾਇਨਾਤੀ ਨਾਲ ਜ਼ਮੀਨੀ ਪੱਧਰ ‘ਤੇ ਉਦਯੋਗਿਕ ਯੋਜਨਾਵਾਂ ਨੂੰ ਲਾਗੂ ਕਰਨ ‘ਚ ਤੇਜ਼ੀ ਆਵੇਗੀ।
