ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਰੁਪਏ ਦੇ ਮੁਕੰਮਲ ਹੋਏ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਤੀ ਨੂੰ ਮਜ਼ਬੂਤ ​​ਕਰਨ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਤਰ੍ਹਾਂ ਖੰਨਾ ਅਧੀਨ ਪੈਂਦੇ ਪਿੰਡ ਭੱਟੀਆਂ ਵਿਖੇ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਮਹੱਤਵਪੂਰਨ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ‘ਤੇ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 50.02 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਾਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨਾਂ ‘ਤੇ 20.50 ਕਰੋੜ ਰੁਪਏ ਖਰਚ ਕੇ ਕਰੀਬ 30 ਪਿੰਡਾਂ ਦੀ 37 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਖੇਤੀ ਰਕਬੇ ਨੂੰ ਵੀ ਨਹਿਰੀ ਢਾਂਚੇ ਨਾਲ ਜੋੜ ਦਿੱਤਾ ਜਾਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2022 ਵਿੱਚ 21,506 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 42,079 ਏਕੜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਨਹਿਰੀ ਸਿੰਚਾਈ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਬਚਤ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਸ੍ਰੀ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ 7572 ਕਰੋੜ ਰੁਪਏ ਖਰਚ ਕੇ ਨਹਿਰੀ ਸਿਸਟਮ ਨੂੰ ਮਜ਼ਬੂਤ ​​ਕੀਤਾ ਹੈ ਅਤੇ ਹੁਣ ਪੰਜਾਬ ਦਾ 86 ਫੀਸਦੀ ਨਹਿਰੀ ਪਾਣੀ ਸੂਬੇ ਦੇ ਖੇਤਾਂ ਵਿਚ ਵਰਤਿਆ ਜਾ ਰਿਹਾ ਹੈ, ਜਦਕਿ 2022 ਵਿਚ ਇਹ ਅੰਕੜਾ ਸਿਰਫ 26 ਫੀਸਦੀ ਸੀ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਕਾਫੀ ਸਮੇਂ ਬਾਅਦ ਸੁਧਾਰ ਹੋਇਆ ਹੈ, ਜਿਸ ਦਾ ਜ਼ਿਕਰ ਕੇਂਦਰੀ ਜਲ ਸਰੋਤ ਮੰਤਰੀ ਨੇ ਦੇਸ਼ ਦੀ ਸੰਸਦ ਵਿਚ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਬਿਨਾਂ ਕੋਈ ਵਾਧੂ ਜ਼ਮੀਨ ਐਕੁਆਇਰ ਕੀਤੇ ਅਤੇ ਬਿਨਾਂ ਕੋਈ ਵਾਧੂ ਖਰਚੇ ਪੰਜਾਬ ਦੀਆਂ ਨਹਿਰਾਂ ਦੀ ਸਮਰੱਥਾ 12 ਹਜ਼ਾਰ ਕਿਊਸਿਕ ਵਧਾ ਦਿੱਤੀ ਹੈ। ਇਸ ਸਮੇਂ ਸੂਬੇ ਦੀਆਂ 1,511 ਨਹਿਰਾਂ ਵਿੱਚ ਲਗਭਗ 39,000 ਕਿਊਸਿਕ ਪਾਣੀ ਵਹਿ ਰਿਹਾ ਹੈ, ਜੋ ਕਿਸਾਨਾਂ ਨੂੰ ਨਿਰਵਿਘਨ ਸਿੰਚਾਈ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕਰ ਰਿਹਾ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਹਲਕੇ ਵਿੱਚ ਨਹਿਰੀ ਸਿੰਚਾਈ ਨਾਲ ਸਬੰਧਤ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨਹਿਰੀ ਸਿੰਜਾਈ ਨੂੰ ਇੰਨੀ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਕਈ ਇਲਾਕੇ ਡਾਰਕ ਜ਼ੋਨ ਬਣ ਗਏ ਸਨ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਦੇ ਜਲ ਸਰੋਤ ਵਿਭਾਗ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਯਤਨਾਂ ਸਦਕਾ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਵੱਡੇ ਪੱਧਰ ‘ਤੇ ਵਾਧਾ ਹੋਇਆ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਜਾਈ ਨਾਲ ਬਿਜਲੀ ਦੀ ਵੱਡੀ ਬੱਚਤ ਹੋਈ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਦਿਨ ਵੇਲੇ 8 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹੁਣ ਖੇਤਾਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂ। ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਕਾਰਨ ਅੱਜ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਅਤੇ ਵਧੀਆ ਸਿੰਚਾਈ ਪ੍ਰਣਾਲੀ ਤੋਂ ਸੰਤੁਸ਼ਟ ਹਨ।

Leave a Comment

Your email address will not be published. Required fields are marked *

Scroll to Top