ਜਗਰਾਓਂ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦਰਦਨਾਕ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤ ਪਰਿਵਾਰਾਂ ਨੂੰ ਇਸ ਔਖੀ ਘੜੀ ਵਿੱਚ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਰਿੰਦਾਵਨ ਦੀ ਯਾਤਰਾ ਦੌਰਾਨ ਪੀੜਤਾਂ ਦੀ ਕਿਸ਼ਤੀ ਯਮੁਨਾ ਨਦੀ ਵਿੱਚ ਪਲਟ ਗਈ ਸੀ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਪੰਜਾਬ ਵੱਲੋਂ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਅਜਿਹੇ ਦੁਖਾਂਤ ਨੂੰ ਰੋਕਣ ਲਈ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਉਠਾਇਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਥੁਰਾ ਨੇੜੇ ਵਾਪਰੀ ਮੰਦਭਾਗੀ ਘਟਨਾ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪੀੜਤ ਲੋਕ ਵਰਿੰਦਾਵਨ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਜਦੋਂ ਕਿਸ਼ਤੀ ਯਾਮੁਨ ਨਦੀ ਵਿੱਚ ਪਲਟ ਗਈ।”
ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ। ਪੰਜਾਬ ਸਰਕਾਰ ਨੇ ਬਚਾਅ ਕਾਰਜਾਂ ਵਿੱਚ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਦੀ ਮਦਦ ਲਈ ਗੋਤਾਖੋਰਾਂ ਦੀਆਂ ਟੀਮਾਂ ਨੂੰ ਹਾਦਸੇ ਵਾਲੀ ਥਾਂ ‘ਤੇ ਵੀ ਭੇਜਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਇਸ ਦੁਖਾਂਤ ਵਿੱਚ ਬਚੇ ਲੋਕਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਵਿੱਚ ਆਪਣੇ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਿਹਾ ਹਾਂ।”
ਰੋਕਥਾਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ, ਉਸਨੇ ਕਿਹਾ, “ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਭਵਿੱਖ ਵਿੱਚ ਅਜਿਹੇ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਇਹ ਜ਼ਰੂਰੀ ਹੈ ਕਿ ਸਬੰਧਤ ਰਾਜ ਸਰਕਾਰਾਂ ਜਨਤਕ ਮਹੱਤਤਾ ਵਾਲੀਆਂ ਥਾਵਾਂ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਕਦਮ ਚੁੱਕਣ।”
ਆਪਣੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਦੁਖੀ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।”
