ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਦੋ ਮਾਸਿਕ ‘ਐਨਆਰਆਈ ਮਿਲਨੀ’ ਆਯੋਜਿਤ ਕਰੇਗੀ: ਡਾ ਰਵਜੋਤ ਸਿੰਘ *ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਔਨਲਾਈਨ ਮਿਲਨੀ; ਚੰਡੀਗੜ੍ਹ, 24 ਅਪਰੈਲ: ਪ੍ਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਸਰਕਾਰ ਨੇ ਹਰ ਮਹੀਨੇ ਦੋ ‘ਐਨਆਰਆਈ ਮਿਲਨੀਆਂ’ ਸੱਦਣ ਦਾ ਫੈਸਲਾ ਕੀਤਾ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਇੱਕ ਆਨਲਾਈਨ ਮਿਲਨੀ ਆਯੋਜਿਤ ਕੀਤੀ ਜਾਵੇਗੀ, ਜਦਕਿ ਹਰ ਮਹੀਨੇ ਇੱਕ ਫਿਜ਼ੀਕਲ ਮਿਲਨੀ ਡਿਵੀਜ਼ਨਲ ਆਧਾਰ ‘ਤੇ ਆਯੋਜਿਤ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਮੀਟਿੰਗਾਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੋਆਬਾ ਡਵੀਜ਼ਨਾਂ ਵਿੱਚ ਕਰਵਾਈਆਂ ਜਾਣਗੀਆਂ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਖੇਤਰਾਂ ਦੇ ਪ੍ਰਵਾਸੀ ਭਾਰਤੀ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣ ਅਤੇ ਸਮੇਂ ਸਿਰ ਹੱਲ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਮੀਟਿੰਗ ਵਿੱਚ ਭਾਗ ਲੈਣ ਲਈ ਦਰਖਾਸਤਾਂ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਪਹਿਲਕਦਮੀ ਦੇ ਪਿੱਛੇ ਦੇ ਇਰਾਦੇ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਢਲਾ ਉਦੇਸ਼ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਜਲਦੀ ਹੱਲ ਯਕੀਨੀ ਬਣਾਉਣਾ ਹੈ। ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਸਕੱਤਰ ਸ੍ਰੀ ਵੀ.ਐਨ.ਜ਼ਾਦੇ; ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ; ਵਿਸ਼ੇਸ਼ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ, ਸ੍ਰੀਮਤੀ ਅਮਨਦੀਪ ਕੌਰ; ਏ.ਡੀ.ਜੀ.ਪੀ., ਐਨ.ਆਰ.ਆਈ. ਮਾਮਲੇ, ਸ੍ਰੀ ਆਰ.ਕੇ. ਜੈਸਵਾਲ ਅਤੇ ਏ.ਆਈ.ਜੀ. ਐਨ.ਆਰ.ਆਈ. ਸ੍ਰੀ ਅਜਿੰਦਰ ਸਿੰਘ ਵੀ ਹਾਜ਼ਰ ਸਨ। ਪੋਸਟ ਵਿਯੂਜ਼: 0
