ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਖ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ
ਨਰੇਸ਼ ਸ਼ਰਮਾ
ਚੰਡੀਗੜ੍ਹ, 28 ਅਪਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਧਾਰਿਤ ਵਿੱਤੀ ਅਤੇ ਭੌਤਿਕ ਟੀਚਿਆਂ ਅਨੁਸਾਰ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕਾਂ ਦੇ ਨਿਰਮਾਣ ਲਈ ਮਿੱਥੇ ਗਏ ਟੀਚਿਆਂ ਨੂੰ ਹਰ ਹਾਲਤ ਵਿੱਚ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਨਿਰਮਾਣ ਨਾਲ ਸਬੰਧਤ ਕੰਮ 30 ਜੂਨ 2026 ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਹ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਜ਼ੋਰ-ਸ਼ੋਰ ਨਾਲ ਨੇਪਰੇ ਚਾੜ੍ਹੇ ਜਾਣ।
ਉਨ੍ਹਾਂ ਕਿਹਾ ਕਿ ਖਾੜੀ ਮੁਲਕਾਂ ਵਿੱਚ ਚੱਲ ਰਹੀ ਜੰਗ ਕਾਰਨ ਬਿਟੂਮੇਨ ਦੀ ਕੁਝ ਘਾਟ ਹੈ ਪਰ ਵਿਭਾਗ ਦੇ ਅਧਿਕਾਰੀਆਂ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ ਰਿਫਾਇਨਰੀ ਤੋਂ ਲੂਕ ਨਾ ਮਿਲਣ ਕਾਰਨ ਕੰਮ ਵਿੱਚ ਆਈ ਖੜੋਤ ਨੂੰ ਦੂਰ ਕਰਨ ਲਈ ਪਾਣੀਪਤ, ਮਥੁਰਾ ਰਿਫਾਇਨਰੀ ਜਾਂ ਹੋਰ ਰਿਫਾਇਨਰੀ ਤੋਂ ਲੂਕ ਦੀ ਸਪਲਾਈ ਲੈਣ ਦਾ ਪ੍ਰਬੰਧ ਕੀਤਾ ਗਿਆ ਹੈ।
ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਲੋਕ ਨਿਰਮਾਣ ਸ੍ਰੀਮਤੀ ਹਰਗੁਣਜੀਤ ਕੌਰ, ਸੰਯੁਕਤ ਸਕੱਤਰ ਅਮਰਬੀਰ ਸਿੱਧੂ, ਇੰਜੀਨੀਅਰ ਇਨ ਚੀਫ਼ ਸ੍ਰੀ ਗਗਨਦੀਪ ਸਿੰਘ, ਚੀਫ਼ ਇੰਜੀਨੀਅਰ ਸ੍ਰੀ ਅਨਿਲ ਗੁਪਤਾ, ਸ. ਗਰੁੱਪ ਸੁਪਰਵਾਈਜ਼ਿੰਗ ਇੰਜਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਹਾਜ਼ਰ ਸਨ।
