ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।
ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨੇ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਵਿੱਚ ਲੰਮੇ ਸਮੇਂ ਤੋਂ ਇਨ੍ਹਾਂ ਅਧਿਕਾਰੀਆਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦਿੱਤੀ ਹੈ।
ਦੱਸ ਦੇਈਏ ਕਿ 6 ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, 8 ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ 9 ਅਧਿਕਾਰੀਆਂ ਨੂੰ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਤਰੱਕੀ ਦਿੱਤੀ ਗਈ ਹੈ।
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮੁਲਾਜ਼ਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਤਰੱਕੀਆਂ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਤਰੱਕੀ ਪ੍ਰਕਿਰਿਆ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਕਾਰੀਆਂ ਨੂੰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਦੀ ਹੈ।
ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਪਦਉੱਨਤ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
