ਡਿਪਟੀ ਸਪੀਕਰ ਰੋੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੀਤਾ ਉਦਘਾਟਨ


ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ :

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ, ਸੁਚੱਜੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਕੀਤਾ ਗਿਆ।

ਉਦਘਾਟਨੀ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ਸਿਰਫ਼ ਖੇਡਾਂ ਖੇਡਣ ਦੇ ਸਥਾਨ ਹੀ ਨਹੀਂ ਹੁੰਦੇ ਸਗੋਂ ਅਨੁਸ਼ਾਸਨ, ਸਿਹਤਮੰਦ ਰਹਿਣ-ਸਹਿਣ ਅਤੇ ਟੀਮ ਭਾਵਨਾ ਨੂੰ ਮਜ਼ਬੂਤ ​​ਕਰਨ ਵਿੱਚ ਵੀ ਮਦਦ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਅਜਿਹੇ ਖੇਡ ਮੈਦਾਨਾਂ ਦੇ ਨਿਰਮਾਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣਾ, ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣਗੇ।

ਡਿਪਟੀ ਸਪੀਕਰ ਰੌੜੀ ਨੇ ਇਹ ਵੀ ਕਿਹਾ ਕਿ ਅਜਿਹੇ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਉਸਾਰੂ ਦਿਸ਼ਾ ਵੱਲ ਲਿਜਾਣ ਵਿੱਚ ਸਹਾਈ ਭੂਮਿਕਾ ਨਿਭਾਉਣਗੇ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਚੰਗੀ ਸਿਹਤ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਮੌਕੇ ਪਿੰਡ ਸਾਧੋਵਾਲ ਦੀ ਪੰਚਾਇਤ, ਇਲਾਕੇ ਦੇ ਪਤਵੰਤੇ ਸੱਜਣ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ। ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਲਈ ਇੱਕ ਅਹਿਮ ਤੋਹਫ਼ਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਾਬਤ ਹੋਵੇਗਾ।

ਇਸ ਦੌਰਾਨ ਡਿਪਟੀ ਸਪੀਕਰ ਸ: ਜੈ ਸਿੰਘ ਰੋੜੀ ਨੇ ਵੀ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡ ਮੈਦਾਨ ਦੀ ਸਾਂਭ-ਸੰਭਾਲ ਅਤੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੌਜਵਾਨ ਇਸ ਦਾ ਭਰਪੂਰ ਲਾਭ ਉਠਾ ਸਕਣ।

Leave a Comment

Your email address will not be published. Required fields are marked *

Scroll to Top