ਬਿੱਟੂ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਚੁਣੌਤੀ- “ਜੇ ਸਬੂਤ ਹਨ ਤਾਂ ਭਾਜਪਾ ਖਿਲਾਫ ਕੇਸ ਦਰਜ ਕਰੋ-


ਚੰਡੀਗੜ੍ਹ, 6 ਮਈ, 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਤੁਰੰਤ ਕੇਸ ਦਰਜ ਕਰਨ, ਨਹੀਂ ਤਾਂ ਪੰਜਾਬ ਅਤੇ ਭਾਜਪਾ ਤੋਂ ਮੁਆਫ਼ੀ ਮੰਗਣ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਸਮੁੱਚਾ ਦੇਸ਼ ਦੇਸ਼ ਭਗਤੀ ਅਤੇ ਤਿਰੰਗੇ ਦੇ ਸਤਿਕਾਰ ‘ਚ ਇਕਜੁੱਟ ਹੋ ਕੇ ਖੜ੍ਹਾ ਸੀ ਪਰ ਅਜਿਹੇ ਨਾਜ਼ੁਕ ਸਮੇਂ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ‘ਚ ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ ‘ਤੇ ਲਗਾਏ ਜਾ ਰਹੇ ਦੋਸ਼ ਬੇਹੱਦ ਗੰਭੀਰ ਅਤੇ ਮੰਦਭਾਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਕਿਹਾ ਹੈ ਕਿ ਆਈਐਸਆਈ ਪੰਜਾਬ ਨੂੰ ਅਸਥਿਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਬਿਨਾਂ ਕਿਸੇ ਸਬੂਤ ਦੇ ਭਾਜਪਾ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ।

ਬਿੱਟੂ ਨੇ ਕਿਹਾ ਕਿ ਭਾਜਪਾ ਦੇ ਦਫਤਰਾਂ ਅਤੇ ਆਗੂਆਂ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਜਲੰਧਰ ‘ਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਅਤੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਅਤੇ ਵਰਕਰ ਦੇਸ਼ ਭਗਤ ਹਨ ਅਤੇ ਉਨ੍ਹਾਂ ਨੂੰ ਦੇਸ਼ ਵਿਰੋਧੀ ਤਾਕਤਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ, “ਜੇਕਰ ਹਿੰਮਤ ਹੈ ਤਾਂ ਭਾਜਪਾ ਆਗੂਆਂ ਤੇ ਵਰਕਰਾਂ ‘ਤੇ ਕੇਸ ਦਰਜ ਕਰੋ, ਸਬੂਤ ਮੀਡੀਆ ਸਾਹਮਣੇ ਰੱਖੋ ਅਤੇ ਪੁਲਿਸ ਨੂੰ ਭਾਜਪਾ ਦਫ਼ਤਰਾਂ ‘ਚ ਭੇਜੋ। ਨਹੀਂ ਤਾਂ ਆਪਣੇ ਬਿਆਨਾਂ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗੋ।”

ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਇੱਕ ਵੀ ਮਹੀਨਾ ਜਾਂ ਹਫ਼ਤਾ ਅਜਿਹਾ ਨਹੀਂ ਲੰਘਿਆ ਜਿਸ ਵਿੱਚ ਕਤਲ, ਗੈਂਗਵਾਰ ਜਾਂ ਧਮਾਕਿਆਂ ਦੀਆਂ ਘਟਨਾਵਾਂ ਵਾਪਰੀਆਂ ਹੋਣ। ਇਸ ਦੇ ਬਾਵਜੂਦ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਸਿਆਸੀ ਦੋਸ਼ਾਂ ਦੀ ਖੇਡ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਈ.ਐੱਸ.ਆਈ., ਗੈਂਗਸਟਰਾਂ ਅਤੇ ਖਾਲਿਸਤਾਨੀ ਅਨਸਰਾਂ ਨੂੰ ਇਕੱਠਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ ਅਤੇ ਅਜਿਹੇ ਸਮੇਂ ਸੂਬੇ ਦੀ ਅਮਨ-ਸ਼ਾਂਤੀ ਦੀ ਰਾਖੀ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਤੇ ਗੈਰ-ਜ਼ਿੰਮੇਵਾਰਾਨਾ ਬਿਆਨ ਪੰਜਾਬ ਦੇ ਹਿੱਤਾਂ ਦੇ ਖਿਲਾਫ ਹਨ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨਾ ਤਾਂ ਆਪਣੇ ਬਿਆਨ ਲਈ ਮੁਆਫੀ ਮੰਗਦੇ ਹਨ ਅਤੇ ਨਾ ਹੀ ਕੋਈ ਸਬੂਤ ਪੇਸ਼ ਕਰਦੇ ਹਨ ਤਾਂ ਭਾਜਪਾ ਇਸ ਮਾਮਲੇ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਅਦਾਲਤਾਂ ਵਿੱਚ ਵੀ ਜਾਵੇਗੀ।

ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਹੈੱਡ ਵਿਨੀਤ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ ਪਰ ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਚੰਗੀ ਤਰ੍ਹਾਂ ਸਮਝ ਰਹੇ ਹਨ।

Leave a Comment

Your email address will not be published. Required fields are marked *

Scroll to Top