ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ‘ਚ ‘ਆਪ’ ਆਗੂਆਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ, ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
*ਚੰਡੀਗੜ੍ਹ 15 ਮਈ 2026*
ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ।
ਇਸ ਮੌਕੇ ‘ਆਪ’ ਆਗੂਆਂ ਨੇ ਕਿਹਾ ਕਿ ਪੰਜ ਰਾਜਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਨੇ ਗੈਸ ਸਿਲੰਡਰ ਅਤੇ ਹੁਣ ਪੈਟਰੋਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਕੀਤਾ ਹੈ, ਜਿਸ ਨੇ ਆਮ ਲੋਕਾਂ ਦੀ ਜ਼ਿੰਦਗੀ ‘ਤੇ ਆਰਥਿਕ ਬੋਝ ਪਾ ਦਿੱਤਾ ਹੈ। ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ ਸਾਬਤ ਹੋਈ ਹੈ।
ਅੰਮ੍ਰਿਤਸਰ ਵਿਖੇ ਧਰਨੇ ਦੌਰਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਹਿੰਗਾਈ ਕਾਰਨ ਦੇਸ਼ ਦੀ ਜਨਤਾ ਪਹਿਲਾਂ ਹੀ ਜੂਝ ਰਹੀ ਹੈ ਅਤੇ ਤੇਲ ਕੀਮਤਾਂ ਦੇ ਇਸ ਬੇਤਹਾਸ਼ਾ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਣ ਦੇ ਨਾਲ ਹੀ ਹੋਰ ਰੋਜ਼ਾਨਾ ਦੀਆਂ ਲੋੜਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵੀ ਅਸਮਾਨ ਛੂਹ ਗਈਆਂ ਹਨ, ਜਿਸ ਲਈ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਲੁਧਿਆਣਾ ਵਿਖੇ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਧੀਆਂ ਕੀਮਤਾਂ ਤੁਰੰਤ ਵਾਪਸ ਨਾ ਲਈਆਂ ਗਈਆਂ ਤਾਂ ਆਮ ਆਦਮੀ ਪਾਰਟੀ ਇਸ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੜਕਾਂ ਤੋਂ ਪਾਰਲੀਮੈਂਟ ਤੱਕ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਦੀ ਇਸ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੇ ਬੋਝ ਹੇਠ ਦੱਬ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦੇ ਘਰੇਲੂ ਬਜਟ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਾਨਾ ਦੀਆਂ ਲੋੜਾਂ ’ਤੇ ਪੈ ਰਿਹਾ ਹੈ।
