ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਤਸਕਰਾਂ ਨਾਲ ਸੰਪਰਕ ਕਰਨ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰਦਾ ਸੀ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਮੁਲਜ਼ਮਾਂ ਦਾ ਪਿਛਲਾ ਅਪਰਾਧਿਕ ਪਿਛੋਕੜ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 27 ਮਈ:
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਜੋਂ ਹੋਈ ਹੈ। ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਧੌਲਾ ਤਰਨਤਾਰਨ; ਰਾਹੁਲ ਗਿੱਲ ਉਰਫ਼ ਰਾਹੁਲ (22) ਜੋ ਕਿ ਭਿੱਖੀਵਿੰਡ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਪਿੰਡ ਦਰਾਜਕੇ ਤਰਨਤਾਰਨ ਵਿਖੇ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਵਾਸੀ ਤਰਨਤਾਰਨ ਵਜੋਂ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਕੇਸ ਦਰਜ ਹਨ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਵਿੱਚ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਵਿੱਚ ਬਣਿਆ), ਤਿੰਨ 9 ਐਮਐਮ ਗਲੌਕਸ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਸਮੱਗਲਰਾਂ ਨਾਲ ਸੰਪਰਕ ਕਰਨ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦਾ ਸੀ।
ਡੀਜੀਪੀ ਨੇ ਕਿਹਾ ਕਿ ਨੈਟਵਰਕ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਮਾਮਲੇ ਵਿੱਚ ਅੱਗੇ-ਪਿੱਛੇ ਲਿੰਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਦੋਸ਼ੀ ਰਾਹੁਲ ਗਿੱਲ ਉਰਫ਼ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸੇ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਅਰਸ਼ਦੀਪ ਉਰਫ ਗੱਗੜ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਦੌਰਾਨ ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਨੂੰ ਜਦੋਂ ਉਹ ਮੀਰੀ ਪੀਰੀ ਅਕੈਡਮੀ ਰੋਡ ਛੇਹਰਟਾ, ਅੰਮ੍ਰਿਤਸਰ ਨੇੜੇ ਮੋਟਰਸਾਈਕਲ ਸਵਾਰ ਸਨ, ਦੀ ਪਛਾਣ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸੇ ਦੇ ਆਧਾਰ ‘ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਹੋਏ ਅਸਲਾ ਅਤੇ ਗੋਲੀਆਂ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਪਾਸੋਂ ਖਰੀਦੀਆਂ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ 30 ਬੋਰ ਦੇ ਬਰੇਟਾ ਪਿਸਤੌਲ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25, ਐਫਆਈਆਰ ਨੰਬਰ 106 ਮਿਤੀ 18-05-2026 ਅਤੇ ਐਫਆਈਆਰ ਨੰਬਰ 110 ਮਿਤੀ 21-05-2026 ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।
