Delhi Jantar Protest News: ਮੁੱਖ ਚੋਣ ਕਮਿਸ਼ਨਰ ਵਿਰੁੱਧ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ ਹੰਗਾਮਾ; ਪੁਲਿਸ ਨੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ

Delhi Jantar Protest Latest News Today: ਦੇਸ਼ ਦੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਣ ਪਹੁੰਚੇ ਪ੍ਰਦਰਸ਼ਨਕਾਰੀਆਂ ਅਤੇ ਦਿੱਲੀ ਪੁਲਿਸ ਵਿਚਾਲੇ ਸ਼ੁੱਕਰਵਾਰ ਨੂੰ ਤਿੱਖੀ ਝੜਪ ਦੇਖਣ ਨੂੰ ਮਿਲੀ। ਗਾਂਧੀ ਜਯੰਤੀ ਮੌਕੇ ਬਿਨਾਂ ਇਜਾਜ਼ਤ ਇਕੱਠੇ ਹੋਣ ਦੀ ਕੋਸ਼ਿਸ਼ ਕਰ ਰਹੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਬੱਸਾਂ ਰਾਹੀਂ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ।
ਇਹ ਰੋਸ ਮੁਜ਼ਾਹਰਾ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਰਾਜ ਸਭਾ ਮੈਂਬਰ ਮਨੋਜ ਝਾਅ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੇ ਸੱਦੇ ‘ਤੇ ਉਲੀਕਿਆ ਗਿਆ ਸੀ। ਆਯੋਜਕਾਂ ਦਾ ਦੋਸ਼ ਹੈ ਕਿ ਚੋਣ ਕਮਿਸ਼ਨ ਵੋਟਰ ਸੂਚੀਆਂ ਦੀ ਸੋਧ ਅਤੇ ਆਪਣੀ ਕਾਰਜਪ੍ਰਣਾਲੀ ਵਿੱਚ ਨਿਰਪੱਖਤਾ ਕਾਇਮ ਰੱਖਣ ਵਿੱਚ ਨਾਕਾਮ ਰਿਹਾ ਹੈ। ਪ੍ਰਦਰਸ਼ਨਕਾਰੀ ਚੋਣ ਪੈਨਲ ਦੀ ਜਵਾਬਦੇਹੀ ਤੈਅ ਕਰਨ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ।

ਧਾਰਾ 163 ਲਾਗੂ, ਆਇਸਾ ਆਗੂਆਂ ਸਮੇਤ ਕਈ ਆਗੂ ਹਿਰਾਸਤ ’ਚ

ਸੰਭਾਵੀ ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਪਹਿਲਾਂ ਹੀ ਰੋਸ ਮਾਰਚ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਸੀ ਅਤੇ ਇਲਾਕੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਤਹਿਤ ਪਾਬੰਦੀਆਂ ਲਗਾ ਦਿੱਤੀਆਂ ਸਨ। ਜਦੋਂ ਵਿਦਿਆਰਥੀ ਕਾਰਕੁਨ ਅਤੇ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਲਾਊਡਸਪੀਕਰਾਂ ਰਾਹੀਂ ਅਪੀਲ ਕਰਨ ਉਪਰੰਤ ਕਾਰਵਾਈ ਸ਼ੁਰੂ ਕੀਤੀ। ਹਿਰਾਸਤ ਵਿੱਚ ਲਏ ਗਏ ਲੋਕਾਂ ਵਿੱਚ ਆਇਸਾ ਆਗੂ ਨੇਹਾ ਬੋਰਾ ਸਮੇਤ ਦਰਜਨਾਂ ਵਿਦਿਆਰਥੀ ਸ਼ਾਮਲ ਹਨ।

ਮੁੰਬਈ ਦੇ ਸ਼ਿਵਾਜੀ ਪਾਰਕ ’ਚ ਵੀ ਸੁਰੱਖਿਆ ਸਖ਼ਤ

ਇਸੇ ਮੁੱਦੇ ਨੂੰ ਲੈ ਕੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਵੀ ਤਣਾਅਪੂਰਨ ਮਾਹੌਲ ਰਿਹਾ। ਉੱਥੇ ‘ਕੌਕਰੋਚ ਜਨਤਾ ਪਾਰਟੀ’ (ਸੀਜੇਪੀ) ਦੇ ਮੁਖੀ ਅਭਿਜੀਤ ਦਿਪਕੇ ਵੱਲੋਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਿਵਾਜੀ ਪਾਰਕ ਵਿੱਚ ਧਰਨੇ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ, ਮੁੰਬਈ ਪੁਲਿਸ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦੇ ਬਾਵਜੂਦ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਰੋਕਣ ਲਈ ਮੈਦਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ।
ਦੋਵਾਂ ਮਹਾਨਗਰਾਂ ਵਿੱਚ ਪ੍ਰਸ਼ਾਸਨ ਵੋਟਰ ਸੂਚੀਆਂ ਅਤੇ ਚੋਣ ਕਮਿਸ਼ਨ ਦੀ ਭੂਮਿਕਾ ਨੂੰ ਲੈ ਕੇ ਵਧ ਰਹੇ ਸਿਆਸੀ ਵਿਵਾਦ ਦਰਮਿਆਨ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਨਜ਼ਰ ਆ ਰਿਹਾ ਹੈ।

Leave a Comment

Your email address will not be published. Required fields are marked *

Scroll to Top