Amit Shah Punjab Visit: ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਸ਼ਹਿਰ ‘ਚ ਲੱਗੇ ਭਾਜਪਾ ਵਿਰੋਧੀ ਹੋਰਡਿੰਗਜ਼, ਨਸ਼ਿਆਂ ਤੇ ਪਾਣੀਆਂ ਦੇ ਮੁੱਦੇ ‘ਤੇ ਪੁੱਛੇ ਤਿੱਖੇ ਸਵਾਲ

Amit Shah Punjab’s Jalandhar Visit Latest News Today in Punjabi: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਮੌਕੇ ਜਲੰਧਰ ਅੰਦਰ ਸਿਆਸੀ ਸਰਗਰਮੀਆਂ ਅਤੇ ਤਣਾਅ ਪੂਰੀ ਤਰ੍ਹਾਂ ਭਖ ਗਿਆ ਹੈ। ਇੱਕ ਪਾਸੇ ਜਿੱਥੇ ਭਾਜਪਾ ਵੱਲੋਂ ਨਸ਼ਾ ਵਿਰੋਧੀ ਰੈਲੀ ਨੂੰ ਲੈ ਕੇ ਸਵਾਗਤੀ ਬੋਰਡ ਲਾਏ ਗਏ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ ਦੇ ਮੁੱਖ ਮਾਰਗਾਂ ‘ਤੇ ਭਾਜਪਾ ਕੋਲੋਂ ਜਵਾਬ ਮੰਗਦੇ ਵੱਡੇ-ਵੱਡੇ ਹੋਰਡਿੰਗਜ਼ ਲਗਾਏ ਗਏ ਹਨ।
ਇਹ ਪੋਸਟਰ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਕਪੂਰਥਲਾ ਤੋਂ ਜਲੰਧਰ ਵੱਲ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ‘ਤੇ ਪ੍ਰਮੁੱਖਤਾ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਹੋਰਡਿੰਗਾਂ ਰਾਹੀਂ ਕੇਂਦਰ ਸਰਕਾਰ ਨੂੰ ਸੂਬੇ ਦੇ ਦੋ ਸਭ ਤੋਂ ਅਹਿਮ ਮਸਲਿਆਂ—ਨਸ਼ਾ ਤਸਕਰੀ ਅਤੇ ਦਰਿਆਈ ਪਾਣੀਆਂ ਦੀ ਵੰਡ—’ਤੇ ਘੇਰਿਆ ਗਿਆ ਹੈ। ਪੰਜਾਬੀ ਭਾਸ਼ਾ ਵਿੱਚ ਲਿਖੇ ਸੁਨੇਹਿਆਂ ਰਾਹੀਂ ਸਿੱਧਾ ਸਵਾਲ ਪੁੱਛਿਆ ਗਿਆ ਹੈ ਕਿ ਗੁਜਰਾਤ ਦੇ ਰਸਤੇ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਕਿਉਂ ਨਹੀਂ ਰੁਕ ਰਹੀ। ਇਸ ਦੇ ਨਾਲ ਹੀ ਅਮਿਤ ਸ਼ਾਹ ਦੀ ਤਸਵੀਰ ਵਾਲੇ ਪੋਸਟਰਾਂ ‘ਤੇ ਹਰਿਆਣਾ ਤੇ ਰਾਜਸਥਾਨ ਨਾਲ ਪੰਜਾਬ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਭਾਜਪਾ ਦੀ ਨੀਤੀ ‘ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ।
ਫਿਲਹਾਲ ਕਿਸੇ ਵੀ ਜਥੇਬੰਦੀ ਜਾਂ ਸਿਆਸੀ ਪਾਰਟੀ ਨੇ ਅਧਿਕਾਰਤ ਤੌਰ ‘ਤੇ ਇਨ੍ਹਾਂ ਪੋਸਟਰਾਂ ਨੂੰ ਲਗਾਉਣ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਨਗਰ ਨਿਗਮ ਜਾਂ ਸਥਾਨਕ ਪੁਲਿਸ ਵੱਲੋਂ ਵੀ ਇਨ੍ਹਾਂ ਨੂੰ ਹਟਾਉਣ ਸੰਬੰਧੀ ਤੁਰੰਤ ਕੋਈ ਕਾਰਵਾਈ ਸਾਹਮਣੇ ਨਹੀਂ ਆਈ।
ਇਸ ਘਟਨਾਕ੍ਰਮ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸ਼ੱਕ ਜ਼ਾਹਰ ਕੀਤਾ ਕਿ ਇਸ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋ ਸਕਦਾ ਹੈ, ਹਾਲਾਂਕਿ ਉਨ੍ਹਾਂ ਕੋਲ ਇਸ ਦਾ ਕੋਈ ਪੁਖ਼ਤਾ ਸਬੂਤ ਨਹੀਂ ਹੈ। ਸਰੀਨ ਨੇ ‘ਆਪ’ ਸਰਕਾਰ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਕੇਂਦਰ ਨੂੰ ਸਵਾਲ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਖ਼ੁਦ ਪਾਣੀਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ‘ਹੋਮ ਡਿਲੀਵਰੀ’ ਰੋਕਣ ਵਿੱਚ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਗ੍ਰਹਿ ਮੰਤਰੀ ਦੇ ਇਸ ਦੌਰੇ ਨੇ ਸੂਬੇ ਦੀ ਸਿਆਸਤ ਨੂੰ ਇੱਕ ਵਾਰ ਫਿਰ ਗਰਮਾ ਦਿੱਤਾ ਹੈ। ਜਿੱਥੇ ਭਾਜਪਾ ਨਸ਼ਿਆਂ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਦਾਅਵਾ ਕਰ ਰਹੀ ਹੈ, ਉੱਥੇ ਹੀ ਵਿਰੋਧੀਆਂ ਨੇ ਇਨ੍ਹਾਂ ਹੋਰਡਿੰਗਾਂ ਰਾਹੀਂ ਕੇਂਦਰ ਦੇ ਰੋਲ ਅਤੇ ਪੰਜਾਬ ਦੇ ਹੱਕਾਂ ਨੂੰ ਲੈ ਕੇ ਜਵਾਬਦੇਹੀ ਮੰਗਣੀ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top