Chitkara University Students Clash and Protest Latest News Today: ਮੋਹਾਲੀ ਸਥਿਤ ਚਿੱਤਕਾਰਾ ਯੂਨੀਵਰਸਿਟੀ ਕੈਂਪਸ ਦੇਰ ਰਾਤ ਉਸ ਵੇਲੇ ਅਖਾੜਾ ਬਣ ਗਿਆ, ਜਦੋਂ ਦੋ ਵਿਦਿਆਰਥਣਾਂ ਦੇ ਕਥਿਤ ਤੌਰ ‘ਤੇ ਗਾਇਬ ਹੋਣ ਦੀ ਖ਼ਬਰ ਫੈਲਣ ਮਗਰੋਂ ਸੈਂਕੜੇ ਵਿਦਿਆਰਥੀ ਸੜਕਾਂ ‘ਤੇ ਉੱਤਰ ਆਏ। ਦੇਖਦੇ ਹੀ ਦੇਖਦੇ ਰੋਸ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਕੈਂਪਸ ਅੰਦਰ ਭਾਰੀ ਤਣਾਅ ਪੈਦਾ ਹੋ ਗਿਆ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਗੁੱਸੇ ਵਿੱਚ ਆਏ ਵਿਦਿਆਰਥੀ ਕੈਂਪਸ ਦੀ ਜਾਇਦਾਦ ਦੀ ਭੰਨ-ਤੋੜ ਕਰਦੇ ਅਤੇ ਪੁਲਿਸ ਮੁਲਾਜ਼ਮਾਂ ਨਾਲ ਤਿੱਖੀ ਝੜਪ ਕਰਦੇ ਵਿਖਾਈ ਦੇ ਰਹੇ ਹਨ। ਸਥਿਤੀ ਵਿਗੜਦੀ ਦੇਖ ਕੇ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪੁੱਜੇ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਗੱਲਬਾਤ ਦਾ ਦੌਰ ਸ਼ੁਰੂ ਕੀਤਾ।
ਪੁਲਿਸ ਵੱਲੋਂ ਮਾਮਲੇ ਦੀ ਪੜਤਾਲ, ਅਫ਼ਵਾਹ ਹੋਣ ਦਾ ਖ਼ਦਸ਼ਾ
ਡੀਐੱਸਪੀ ਸੁਖਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਦੋ ਲੜਕੀਆਂ ਦੇ ਲਾਪਤਾ ਹੋਣ ਦੇ ਦਾਅਵੇ ਸਾਹਮਣੇ ਆਏ ਹਨ, ਪਰ ਹਾਲੇ ਤੱਕ ਪੁਲਿਸ ਜਾਂ ਪ੍ਰਸ਼ਾਸਨ ਕੋਲ ਅਜਿਹੀ ਕੋਈ ਪੁਖ਼ਤਾ ਜਾਣਕਾਰੀ ਜਾਂ ਪਰਿਵਾਰਕ ਸ਼ਿਕਾਇਤ ਨਹੀਂ ਆਈ ਜਿਸ ਤੋਂ ਲਾਪਤਾ ਹੋਣ ਵਾਲੀਆਂ ਵਿਦਿਆਰਥਣਾਂ ਦੀ ਪਛਾਣ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਢਲੀ ਨਜ਼ਰੇ ਇਹ ਮਾਮਲਾ ਸਿਰਫ਼ ਇੱਕ ਬੇਬੁਨਿਆਦ ਅਫ਼ਵਾਹ ਜਾਪਦਾ ਹੈ।
ਹਾਲਾਂਕਿ, ਵਿਦਿਆਰਥੀਆਂ ਦੇ ਰੋਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਕੇ ਤੱਥਾਂ ਦੀ ਪੁਸ਼ਟੀ ਕਰ ਰਹੇ ਹਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਜੇਕਰ ਪੜਤਾਲ ਦੌਰਾਨ ਕਿਸੇ ਵੀ ਵਿਦਿਆਰਥਣ ਦੇ ਲਾਪਤਾ ਹੋਣ ਦਾ ਸੱਚ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਢੁਕਵੀਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮਾਪਿਆਂ ਨੂੰ ਨਾ ਘਬਰਾਉਣ ਦੀ ਅਪੀਲ
ਪੁਲਿਸ ਪ੍ਰਸ਼ਾਸਨ ਨੇ ਬਾਹਰ ਬੈਠੇ ਮਾਪਿਆਂ ਨੂੰ ਭਰੋਸਾ ਦਿਵਾਇਆ ਹੈ ਕਿ ਕੈਂਪਸ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਸਾਰੇ ਵਿਦਿਆਰਥੀ ਸੁਰੱਖਿਅਤ ਹਨ। ਅਮਨ-ਕਾਨੂੰਨ ਬਣਾਈ ਰੱਖਣ ਲਈ ਕੈਂਪਸ ਦੇ ਅੰਦਰ ਅਤੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਇੱਕ 20 ਸਾਲਾ ਨੌਜਵਾਨ ਦੇ ਕਤਲ ਦੀ ਘਟਨਾ ਤੋਂ ਬਾਅਦ ਵਿਦਿਅਕ ਅਦਾਰਿਆਂ ਵਿੱਚ ਸੁਰੱਖਿਆ ਨੂੰ ਲੈ ਕੇ ਪਹਿਲਾਂ ਹੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ, ਜਿਸ ਕਾਰਨ ਇਸ ਅਫ਼ਵਾਹ ਨੇ ਵਿਦਿਆਰਥੀਆਂ ਅੰਦਰ ਗੁੱਸੇ ਦੀ ਅੱਗ ਨੂੰ ਹੋਰ ਭੜਕਾ ਦਿੱਤਾ।



