ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੈਰਿਸ ਦੌਰੇ ਤੋਂ ਪਰਤਣ ਸਮੇਂ ਦਿੱਲੀ ਏਅਰਪੋਰਟ ਉੱਤੇ ਹੋਈ ਕਥਿਤ ਖੱਜਲ-ਖੁਆਰੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਨੂੰ ਹਵਾਈ ਅੱਡੇ ‘ਤੇ ਕਰੀਬ ਤਿੰਨ ਘੰਟੇ ਤੱਕ ਬੇਵਜਾਹ ਰੋਕ ਕੇ ਰੱਖਿਆ ਗਿਆ ਅਤੇ ਬਾਅਦ ਵਿੱਚ 50,000 ਰੁਪਏ ਦਾ ਚਲਾਨ ਜਾਰੀ ਕਰ ਦਿੱਤਾ ਗਿਆ।
ਪੰਜਾਬ ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਇਹ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਏਅਰਪੋਰਟ ਅਧਿਕਾਰੀਆਂ ਨੇ ਜੁਰਮਾਨਾ ਲਾਉਂਦੇ ਸਮੇਂ ਉੱਚ ਅਧਿਕਾਰੀਆਂ ਦੇ ਦਬਾਅ ਦਾ ਹਵਾਲਾ ਦਿੱਤਾ ਸੀ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਚਲਾਨ ਕਿਸ ਨਿਯਮ ਦੀ ਉਲੰਘਣਾ ਕੱਟਿਆ ਗਿਆ ਹੈ।
ਪਾਰਟੀ ਵੱਲੋਂ ਕੇਂਦਰ ਸਰਕਾਰ ਉੱਤੇ ਸਵਾਲ ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਪੈਰਿਸ ਵਿੱਚ ਅੰਤਰਰਾਸ਼ਟਰੀ ਫੂਡ ਫੈਸਟੀਵਲ ਵਿੱਚ ਪੰਜਾਬ ਦੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਗਏ ਸਨ ਤਾਂ ਜੋ ਸੂਬੇ ਦੇ ਕਾਰੋਬਾਰ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਿਦੇਸ਼ ਦੌਰੇ ਦੌਰਾਨ ਉੱਥੇ ਤਾਇਨਾਤ ਭਾਰਤੀ ਕੌਂਸਲ ਜਨਰਲ ਵੱਲੋਂ ਵੀ ਨਿਯਮਾਂ ਮੁਤਾਬਕ ਸਤਿਕਾਰ ਨਹੀਂ ਦਿੱਤਾ ਗਿਆ।
‘ਆਪ’ ਨੇਤਾ ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਪਹਿਲਾਂ ਵੀ ਕਈ ਵਾਰ ਜਾਣਬੁੱਝ ਕੇ ਮਨਜ਼ੂਰੀਆਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਬਹੁਤ ਜ਼ਰੂਰੀ ਹਨ, ਪਰ ਕੇਂਦਰ ਸਰਕਾਰ ਦੀ ਮਾਨਸਿਕਤਾ ਪੰਜਾਬ ਪ੍ਰਤੀ ਸਹਿਯੋਗਾਤਮਕ ਨਹੀਂ ਹੈ।
ਅਧਿਕਾਰਤ ਤੌਰ ‘ਤੇ ਇਸ ਮਾਮਲੇ ਵਿੱਚ ਹਵਾਈ ਅੱਡੇ ਦੇ ਪ੍ਰਬੰਧਕਾਂ ਵੱਲੋਂ ਅਜੇ ਤੱਕ ਕੋਈ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਇਹ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਵਿਚਕਾਰ ਨਵਾਂ ਵਿਵਾਦ ਬਣ ਗਿਆ ਹੈ।



