UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ, ਦਿੱਤੇ ਜਾਣਗੇ ਇੱਕ-ਇੱਕ ਲੱਖ ਰੁਪਏ- ਐਡਵੋਕੇਟ ਧਾਮੀ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।

ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ।

Leave a Comment

Your email address will not be published. Required fields are marked *

Scroll to Top