Tarn Taran ਦੇ ਪਿੰਡ ਗੱਗੋਬੂਆ ’ਚ ਖ਼ੂਨੀ ਟਕਰਾਅ: ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Tarn Taran Sarpanch Murder Latest News Today: ਥਾਣਾ ਝਬਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡ ਗੱਗੋਬੂਆ ਵਿਖੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਦੌਰਾਨ 45 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਗੱਗੋਬੂਆ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਰਪੰਚ ਕੁਲਵਿੰਦਰ ਕੌਰ ਦਾ ਪਤੀ ਸੀ।

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਦੋਹਾਂ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਇਸ ਤਕਰਾਰ ਦੌਰਾਨ ਪਿੰਡ ਵਿੱਚ ਸੁਨਿਆਰੇ ਦਾ ਕੰਮ ਕਰਨ ਵਾਲੇ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ ਨੇ ਕਥਿਤ ਤੌਰ ‘ਤੇ ਨਵਦੀਪ ਸਿੰਘ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਨਵਦੀਪ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ

ਪੁਲਿਸ ਨੇ ਇਸ ਵਾਰਦਾਤ ਦੇ ਸਬੰਧ ਵਿੱਚ ਮੁੱਖ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ ਸਮੇਤ ਨਿਰਮਲ ਸਿੰਘ ਨਿੰਮਾ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103 (ਕਤਲ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਐੱਸਪੀ ਸਿਟੀ ਸੁਖਬੀਰ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ ਪਿੰਡ ਦੇ ਦੋ ਗੁੱਟਾਂ ਵਿਚਕਾਰ ਆਪਸੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਵਿੱਚ ਕਿਸੇ ਕਿਸਮ ਦਾ ਕੋਈ ਸਿਆਸੀ ਜਾਂ ਗੈਂਗਸਟਰ ਕੋਣ ਸਾਹਮਣੇ ਨਹੀਂ ਆਇਆ ਹੈ। ਪੁਲਿਸ ਹਾਦਸੇ ਦੇ ਅਸਲ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਬਾਰੀਕੀ ਨਾਲ ਤਫ਼ਤੀਸ਼ ਕਰ ਰਹੀ ਹੈ।

Leave a Comment

Your email address will not be published. Required fields are marked *

Scroll to Top