ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ ਵਿਖੇ ਹੋਈ। ਮੀਟਿੰਗ ਦੌਰਾਨ ਪੰਥ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਹਾਲਾਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਆਗੂਆਂ ਨੇ ਸਰਬਸੰਮਤੀ ਨਾਲ ਕਿਹਾ ਕਿ ਅਕਾਲੀ ਸਿਆਸਤ ਆਪਣੇ ਮੂਲ ਸਿਧਾਂਤਾਂ ਅਤੇ ਪੰਥ-ਪੰਜਾਬ ਦੇ ਏਜੰਡੇ ਤੋਂ ਭਟਕ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਆਗੂਆਂ ਦੀਆਂ ਨਿੱਜੀ ਲਾਲਸਾਵਾਂ ਅਤੇ ਹਿੱਤਾਂ ਕਾਰਨ ਪਾਰਟੀ ਦੀ ਵਿਚਾਰਧਾਰਾ ਨੂੰ ਢਾਹ ਲੱਗੀ ਹੈ। ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਉਨ੍ਹਾਂ ਆਪਣਾ ਸਮੂਹਿਕ ਅਸਤੀਫਾ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜਣ ਦਾ ਐਲਾਨ ਕੀਤਾ।
ਇਸ ਮੌਕੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਮਾਸਟਰ ਜੌਹਰ ਸਿੰਘ, ਜਨਰਲ ਸਕੱਤਰ ਜਸਵੀਰ ਸਿੰਘ ਘੁੰਮਣ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਰਬੰਸ ਸਿੰਘ ਮੰਝਪੁਰ, ਅਮਰੀਕ ਸਿੰਘ ਸ਼ਾਹਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗੋਗੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਸ਼ਾਮਪੁਰ, ਹਲਕਾ ਇੰਚਾਰਜ ਬਲਦੇਵ ਸਿੰਘ ਮਾਣੂੰਕੇ, ਹਰਿੰਦਰਪਾਲ ਸਿੰਘ ਟੋਹੜਾ, ਹਰਬੰਸ ਸਿੰਘ ਮੰਝਪੁਰ, ਡਾ. ਪੰਜਲੈਂਡ, ਤਰਸੇਮ ਸਿੰਘ ਜੱਸੋਵਾਲ, ਐਡਵੋਕੇਟ ਜ਼ੁਲਫਕਾਰ ਅਲੀ, ਐਡਵੋਕੇਟ ਸ਼ਫੀਕ ਚੌਹਾਨ ਅਤੇ ਅਮਰਜੀਤ ਸਿੰਘ ਸਨੌਰ ਸ਼ਾਮਲ ਸਨ।
ਮੀਟਿੰਗ ਦੇ ਅੰਤ ਵਿੱਚ ਆਗੂਆਂ ਨੇ ਕਿਹਾ ਕਿ ਇਹ ਫੈਸਲਾ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ ਨਹੀਂ ਹੈ, ਸਗੋਂ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਥਕ, ਸਮਾਜਿਕ ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬ ਭਰ ਦੀ ਸੰਗਤ ਦੀ ਰਾਏ ਲੈ ਕੇ ਹੀ ਅਗਲੀ ਰਣਨੀਤੀ ਅਤੇ ਸਿਆਸੀ ਫੈਸਲਾ ਲਿਆ ਜਾਵੇਗਾ। ਇਸ ਘਟਨਾਕ੍ਰਮ ਨੂੰ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਇੱਕ ਅਹਿਮ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
