ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਸੂਬੇ ਭਰ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਮਿਉਂਸਪਲ ਕਮੇਟੀ ਦੀਆਂ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।
ਕੰਗ ਨੇ ਦੱਸਿਆ ਕਿ ਭਲਕੇ (26 ਮਈ) ਨੂੰ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਨਾਲ-ਨਾਲ ਮੁਹਾਲੀ ਨਗਰ ਨਿਗਮ ਸਮੇਤ ਪੰਜਾਬ ਭਰ ਦੀਆਂ ਕਈ ਨਗਰ ਨਿਗਮਾਂ ਵਿੱਚ ਵੋਟਾਂ ਪੈਣਗੀਆਂ। ਉਨ੍ਹਾਂ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰਾਂ ਦੀ ਭਾਰੀ ਜਿੱਤ ਯਕੀਨੀ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ।
ਕੰਗ ਨੇ ਕਿਹਾ ਕਿ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਈ ਸਥਾਨਕ ਸੰਸਥਾਵਾਂ ਅਤੇ ਮਿਉਂਸਪਲ ਬਾਡੀਜ਼ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਬਿਹਤਰ ਸ਼ਹਿਰੀ ਬੁਨਿਆਦੀ ਢਾਂਚੇ, ਜਨਤਕ ਸਹੂਲਤਾਂ, ਸਫਾਈ, ਵਿਕਾਸ ਕਾਰਜਾਂ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਤੌਰ ‘ਤੇ ਯੋਗਦਾਨ ਪਾਉਂਦੀਆਂ ਹਨ।
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ।
ਵੋਟਰਾਂ ਨੂੰ ਅਪੀਲ ਕਰਦਿਆਂ ਕੰਗ ਨੇ ਲੋਕਾਂ ਨੂੰ ਵੱਡੀ ਗਿਣਤੀ ‘ਚ ਘਰਾਂ ‘ਚੋਂ ਬਾਹਰ ਨਿਕਲ ਕੇ ‘ਆਪ’ ਉਮੀਦਵਾਰਾਂ ਨੂੰ ਵੋਟ ਪਾਉਣ ਲਈ ਕਿਹਾ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਮੁਹਾਲੀ ਨਗਰ ਨਿਗਮ ਅਤੇ ਨਵਾਂ ਗਾਉਂ, ਕੁਰਾਲੀ, ਚਮਕੌਰ ਸਾਹਿਬ, ਰੂਪਨਗਰ, ਕੀਰਤਪੁਰ ਸਾਹਿਬ, ਆਨੰਦਪੁਰ ਸਾਹਿਬ, ਨੰਗਲ, ਗੜ੍ਹਸ਼ੰਕਰ, ਬੰਗਾ ਅਤੇ ਨਵਾਂਸ਼ਹਿਰ ਸਮੇਤ ਹੋਰ ਨਗਰ ਕੌਂਸਲਾਂ ਦਾ ਜ਼ਿਕਰ ਕੀਤਾ, ਜਿੱਥੇ ਭਲਕੇ ਵੋਟਾਂ ਪੈਣੀਆਂ ਹਨ।
ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਚੁਣ ਕੇ ਇਮਾਨਦਾਰ ਅਤੇ ਵਿਕਾਸ ਪੱਖੀ ਰਾਜਨੀਤੀ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਸੂਬੇ ਵਿੱਚ ਭਗਵੰਤ ਮਾਨ ਸਰਕਾਰ ਦੇ ਤਰੱਕੀ ਅਤੇ ਲੋਕ ਭਲਾਈ ਦੇ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
