ਪੰਜਾਬ ‘ਚ 9 ਲੱਖ ਬੂਟੇ ਲਗਾਏ ਜਾਣਗੇ।
*ਚੰਡੀਗੜ੍ਹ/ਲਹਿਰਾਗਾਗਾ, 24 ਜੁਲਾਈ:*
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਨ ਨੂੰ ਬਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਅਹਿਮ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਸੀਬਾ ਸਕੂਲ ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰੇਕ ਨਾਗਰਿਕ ਨੂੰ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣੇ ਹੀ ਨਹੀਂ, ਸਗੋਂ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਰੁੱਖ ਲਗਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਆਪਣੇ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਯੋਜਨਾਬੱਧ ਤਰੀਕੇ ਨਾਲ 9 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਅਹਿਮ ਕੰਮ ਕਰ ਰਹੀਆਂ ਹਨ।
ਉਨ੍ਹਾਂ ਸੀਬਾ ਸਕੂਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਨਾਲ ਹੀ ਨਹੀਂ ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਨ ਸੰਭਾਲ, ਜੀਵਨ ਮੁੱਲਾਂ ਅਤੇ ਪ੍ਰੈਕਟੀਕਲ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਨੂੰ ਰੁੱਖ ਬਣਾਉਣ ਲਈ ਉਸ ਦੀ ਪੂਰੀ ਦੇਖਭਾਲ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੌਦਿਆਂ ਦੀ ਸਹੀ ਸੰਭਾਲ ਅਤੇ ਸਾਂਭ-ਸੰਭਾਲ ਸਬੰਧੀ ਕਈ ਉਪਯੋਗੀ ਨੁਕਤੇ ਵੀ ਸਾਂਝੇ ਕੀਤੇ।
ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਮੈਂਬਰ ਅਤੇ ਸੀਬਾ ਸਕੂਲ ਦੇ ਮੈਨੇਜਰ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਨ ਸੰਭਾਲ ਨੂੰ ਲੋਕ ਲਹਿਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਹਰਿਆਲੀ 2026’ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾਬੱਧ ਤਰੀਕੇ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰੇਕ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟਾਇਆ।
ਇਸ ਉਪਰੰਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟੇ ਲਗਾ ਕੇ ‘ਮਿਸ਼ਨ ਹਰਿਆਲੀ 2026’ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ।
ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
