ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂ ਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰ-ਰਾਜੀ ਸਹਿਯੋਗ ਬਾਰੇ ਚਰਚਾ ਕੀਤੀ



*•ਖੁੱਡੀਆਂ ਅਤੇ ਉਹਨਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਰਾਜਾਂ ਵਿੱਚ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਦੀ ਖੋਜ ਕੀਤੀ*

ਚੰਡੀਗੜ੍ਹ, 9 ਜੁਲਾਈ:

ਡੇਅਰੀ ਅਤੇ ਪਸ਼ੂਧਨ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰ-ਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ | ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਵਿਗਿਆਨ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਦੇ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ ਧਨ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਦੇ ਮੌਕੇ ਤਲਾਸ਼ੇ ਗਏ।

ਸ. ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਬੜ੍ਹਾਵਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਖੁੱਡੀਆ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਵਧੀਆ ਅਭਿਆਸਾਂ ਦੀ ਸਾਂਝ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਰਾਜਾਂ ਵਿੱਚੋਂ ਇੱਕ ਹੈ, ਇਸੇ ਕਰਕੇ ਦੁੱਧ ਉਤਪਾਦਨ ਵਧਾਉਣ, ਪਸ਼ੂਆਂ ਦੀ ਨਸਲ ਵਿੱਚ ਸੁਧਾਰ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ ਕੀਤੀ ਗਈ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਦੂਰ-ਦੁਰਾਡੇ ਖੇਤਰਾਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਨ ਦਾ ਪ੍ਰਸਤਾਵ ਦਿੱਤਾ। ਸ੍ਰੀ ਸ਼ਰਮਾ ਨੇ ਪੰਜਾਬ ਤੋਂ ਉਨ੍ਹਾਂ ਵੱਲੋਂ ਸਾਂਝੀ ਕੀਤੀ ਮਹੱਤਵਪੂਰਨ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਪਸ਼ੂ ਪਾਲਣ ਦੇ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਰਾਜਾਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

————-

Leave a Comment

Your email address will not be published. Required fields are marked *

Scroll to Top