ਪਟਿਆਲਾ ਨਿਊਜ਼ : ਜਿਲ੍ਹਾ ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ, ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ – ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਚੇਅਰਪਰਸਨ ਜਿਲ੍ਹਾ ਅਪਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਦੀ ਅਗਵਾਈ ਹੇਠ ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ ਅਤੇ ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਅਤੇ ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲਿਆਂ ਜਿਵੇਂ ਕਿ ਅਲਟਰਾਸਾਊਂਡ ਸੈਂਟਰਾਂ ਦੀ ਨਿਯਮਤ ਜਾਂਚ, ਜਾਗਰੂਕਤਾ ਮੁਹਿੰਮ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਪੀ.ਐਨ.ਡੀ.ਟੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਕਾਰਨ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਹੋਇਆ ਹੈ, ਪਰ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਯਤਨ ਜਾਰੀ ਹਨ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਰੇਡੀਓਲੋਜਿਸਟਾਂ ਵੱਲੋਂ ਵੱਖ-ਵੱਖ ਅਲਟਰਾਸਾਊਂਡ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਦਿੱਤੇ ਪੱਤਰਾਂ ਦੀ ਪ੍ਰਵਾਨਗੀ ਸਬੰਧੀ ਵੀ ਫੈਸਲੇ ਲਏ ਗਏ।
