ਪੰਜਾਬ ਸਰਕਾਰ ਵੱਲੋਂ 650ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾਵੇਗਾ, ਸਾਲ ਭਰ ਧਾਰਮਿਕ ਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ।


ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਨੂੰ ਹੋਰ ਪ੍ਰਸਾਰ ਕਰਨ ਲਈ ਸਾਲ ਭਰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਰੱਖੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਮਾਗਮਾਂ ਨੂੰ ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੋੜ ਪੈਣ ‘ਤੇ ਵਾਧੂ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਨੂੰ ਪੰਜਾਬ ਅਤੇ ਵਿਸ਼ਵ ਪੱਧਰ ‘ਤੇ ਹਰ ਕੋਨੇ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਹ ਮਹਾਨ ਸਮਾਗਮ ਪੜਾਵਾਂ ਵਿੱਚ ਉਲੀਕੇ ਗਏ ਹਨ ਅਤੇ ਸਾਲ ਭਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਧਾਰਮਿਕ, ਵਿਦਿਅਕ ਅਤੇ ਵਾਤਾਵਰਣ ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਤਿਆਰ ਕੀਤੇ ਗਏ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਸਕੂਲ ਪੱਧਰੀ ਮੁਕਾਬਲਿਆਂ ਤੋਂ ਇਲਾਵਾ 13,000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ। ਭੂਗੋਲਿਕ ਸੰਦਰਭ

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਵਿਰਾਸਤ ਬਾਰੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾਵੇਗਾ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ, ਜਦਕਿ ਅਗਸਤ ਤੋਂ ਨਵੰਬਰ ਦਰਮਿਆਨ ਵਿਧਾਨ ਸਭਾ ਹਲਕਿਆਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਭਰ ਵਿੱਚ 650 ਗੁਰੂ ਰਵਿਦਾਸ ਜੀ ਬਗੀਚੇ ਬਣਾਏ ਜਾਣਗੇ, 6.50 ਲੱਖ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਅਗਸਤ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ‘ਸਮਾਨਤਾ ਲਈ ਦੌੜ’ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ ਅਤੇ ਸਤੰਬਰ ਵਿੱਚ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅਕਤੂਬਰ ਵਿੱਚ ਸੂਬੇ ਭਰ ਵਿੱਚ 650,000 ਯਾਦਗਾਰੀ ਝੰਡੇ ਵੰਡੇ ਜਾਣਗੇ।

ਧਾਰਮਿਕ ਸਮਾਗਮਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਚਾਰ ਜਲੂਸ 5 ਤੋਂ 8 ਅਕਤੂਬਰ ਤੱਕ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸਮਾਪਤੀ 9 ਅਕਤੂਬਰ ਤੋਂ 11 ਅਕਤੂਬਰ, 2026 ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਵਿਸ਼ਾਲ ਰਾਜ ਪੱਧਰੀ ਸਮਾਗਮ ਵਿੱਚ ਹੋਵੇਗੀ।

ਪਹਿਲੇ ਦਿਨ (9 ਅਕਤੂਬਰ) ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਇਕ ਪ੍ਰਦਰਸ਼ਨੀ, ਕਥਾ ਤੇ ਕੀਰਤਨ ਦਰਬਾਰ, ਸੰਤ ਸੰਮੇਲਨ ਅਤੇ ਗੁਰੂ ਉਪਦੇਸ਼ਾਂ ‘ਤੇ ਕਾਨਫਰੰਸ ਹੋਵੇਗੀ | 10 ਅਕਤੂਬਰ ਨੂੰ, ਸ਼ਰਧਾਲੂ ਇੱਕ ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ‘ਤੇ ਇੱਕ ਕਾਨਫਰੰਸ, ਇੱਕ ਵਿਸ਼ਾਲ 3ਡੀ ਪ੍ਰੋਜੈਕਸ਼ਨ, ਅਤੇ ਮਿਨਾਰ-ਏ-ਬੇਗਮਪੁਰਾ ਵਿਖੇ ਇੱਕ ਡਰੋਨ ਸ਼ੋਅ ਦਾ ਅਨੰਦ ਲੈਣਗੇ।

ਆਖਰੀ ਦਿਨ 11 ਅਕਤੂਬਰ ਨੂੰ ਮੀਨਾਰ-ਏ-ਬੇਗਮਪੁਰਾ ਵਿਖੇ ਕਥਾ ਅਤੇ ਕੀਰਤਨ ਦਰਬਾਰ, ਬੇਗਮਪੁਰਾ ਸਮਾਗਮ, ਇੱਕ ਹੋਰ 3ਡੀ ਪ੍ਰੋਜੈਕਸ਼ਨ ਅਤੇ ਇੱਕ ਸ਼ਾਨਦਾਰ ਡਰੋਨ ਸ਼ੋਅ ਹੋਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਸਮਾਗਮਾਂ ਨੂੰ ਮੁੱਖ ਖਿੱਚ ਦਾ ਕੇਂਦਰ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਆਧੁਨਿਕ ਤਕਨੀਕ ਅਤੇ ਸਾਰਥਕ ਜਨ ਭਾਗੀਦਾਰੀ ਰਾਹੀਂ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾਵਾਦੀ ਆਦਰਸ਼ਾਂ ਅਤੇ ਅਧਿਆਤਮਿਕ ਸਿੱਖਿਆਵਾਂ ਨਾਲ ਜੋੜਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਉਣ ਲਈ ਵਚਨਬੱਧ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰਾ ਅਤੇ ਮਾਨਵੀ ਸਨਮਾਨ ਦਾ ਵਿਸ਼ਵ-ਵਿਆਪੀ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ। ਇਸ ਮੌਕੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top