ਚੰਡੀਗੜ੍ਹ/ਲੁਧਿਆਣਾ, 24 ਜੁਲਾਈ: ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਪ੍ਰੈਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਦੱਸਿਆ ਹੈ ਅਤੇ ਇਸ ਦੀ ਸ਼ਿਕਾਇਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਲੁਧਿਆਣਾ (ਦਿਹਾਤੀ), ਪ੍ਰੈੱਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਅਤੇ ਅੰਤਰ-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜੀ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੰਤੋਖ ਗਿੱਲ ਵੱਲੋਂ ਭੇਜੀਆਂ ਸ਼ਿਕਾਇਤਾਂ ਵਿੱਚ ਦੋਸ਼ ਲਾਇਆ ਗਿਆ ਹੈ ਕਿ ਚੰਡੀਗੜ੍ਹ ਤੋਂ ਛਪਣ ਵਾਲੇ ਪੰਜਾਬੀ ਅਖ਼ਬਾਰ ‘ਦੇਸ਼ ਸੇਵਕ’ ਦੇ ਸੀਨੀਅਰ ਪੱਤਰਕਾਰ ਆਤਮਾ ਸਿੰਘ ਨੂੰ 19 ਜੁਲਾਈ 2026 ਨੂੰ ਬਿਨਾਂ ਕਿਸੇ ਕਾਨੂੰਨੀ ਆਧਾਰ ਤੋਂ ਹਿਰਾਸਤ ਵਿੱਚ ਲਿਆ ਗਿਆ ਅਤੇ 24 ਘੰਟੇ ਤੋਂ ਵੱਧ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਅਗਲੇ ਦਿਨ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਮਾਮਲੇ ਦੀ ਸੁਤੰਤਰ ਤੇ ਉੱਚ ਪੱਧਰੀ ਜਾਂਚ, ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਤੇ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਲੋਹਟਬੱਦੀ, ਥਾਣਾ ਜਲਾਲਦੀਵਾਲ, ਸਿਵਲ ਹਸਪਤਾਲ ਰਾਏਕੋਟ, ਤਹਿਸੀਲ ਕੰਪਲੈਕਸ ਰਾਏਕੋਟ ਦੇ 19 ਅਤੇ 20 ਜੁਲਾਈ ਦੇ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਨੂੰ ਤੁਰੰਤ ਸੰਭਾਲਣ ਲਈ ਹੁਕਮ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਯੂਨੀਅਨ ਨੇ ਪ੍ਰੈਸ ਕੌਂਸਲ ਆਫ਼ ਇੰਡੀਆ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪ੍ਰੈਸ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਆਤਮਾ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
