ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ‘ਮੁਖ ਮੰਤਰੀ ਰੋਸ਼ਨ ਪੰਜਾਬ ਯੋਜਨਾ’ ਸ਼ੁਰੂ ਕੀਤੀ ਗਈ ਹੈ।
ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਪਿੰਡਾਂ ਦੀ ਰੋਸ਼ਨੀ ਲਈ ਸਭ ਤੋਂ ਵੱਡੀ ਪਹਿਲਕਦਮੀ ਦੱਸਿਆ, ਜਿਸ ਤਹਿਤ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ।
ਸ੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ ਪਿੰਡਾਂ ਵਿੱਚ ਭਰੋਸੇਯੋਗ ਅਤੇ ਸਸਤੀ ਰੋਸ਼ਨੀ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੋਲਰ ਸਟਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ, ਭਰੋਸੇਯੋਗਤਾ ਅਤੇ ਪੇਂਡੂ ਖੇਤਰਾਂ ਲਈ ਅਨੁਕੂਲਤਾ ਕਾਰਨ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰੋਜੈਕਟ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੁਆਰਾ ਲਾਗੂ ਕੀਤਾ ਜਾਵੇਗਾ ਅਤੇ ਜੂਨ ਤੋਂ ਅਕਤੂਬਰ 2026 ਦੇ ਵਿਚਕਾਰ ਪੜਾਅਵਾਰ ਢੰਗ ਨਾਲ ਲਾਈਟਾਂ ਲਗਾਈਆਂ ਜਾਣਗੀਆਂ। ਇਹ ਸਕੀਮ ਰਾਜ ਸਰਕਾਰ ਵੱਲੋਂ 70 ਫੀਸਦੀ ਅਤੇ ਗ੍ਰਾਮ ਪੰਚਾਇਤਾਂ ਵੱਲੋਂ 30 ਫੀਸਦੀ ਯੋਗਦਾਨ ਦੇ ਸੰਸ਼ੋਧਿਤ ਫੰਡਿੰਗ ਪੈਟਰਨ ਦੀ ਪਾਲਣਾ ਕਰੇਗੀ।
ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪਿੰਡਾਂ ਵਿੱਚ ਸਿਰਫ਼ 1.14 ਲੱਖ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਬਹੁਤੀਆਂ ਹੁਣ ਟੁੱਟ ਚੁੱਕੀਆਂ ਹਨ। ਨਵੀਂ ਯੋਜਨਾ ਦੇ ਤਹਿਤ, ਸਾਰੀਆਂ ਲਾਈਟਾਂ ਨੂੰ ਸੱਤ ਸਾਲ ਦੇ ਸਾਲਾਨਾ ਰੱਖ-ਰਖਾਅ ਦੇ ਇਕਰਾਰਨਾਮੇ ਨਾਲ ਲਗਾਇਆ ਜਾਵੇਗਾ, ਜਿਸ ਦੇ ਤਹਿਤ ਖਰਾਬ ਹੋਣ ਦੀ ਸਥਿਤੀ ਵਿੱਚ ਤਿੰਨ ਦਿਨਾਂ ਦੇ ਅੰਦਰ ਅੰਦਰ ਬਦਲ ਦਿੱਤਾ ਜਾਵੇਗਾ। ਸਿਸਟਮ ਵਿੱਚ ਹਰੇਕ ਰੋਸ਼ਨੀ ਦੀ ਜੀਓ-ਟੈਗਿੰਗ, ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਕੇਂਦਰੀਕ੍ਰਿਤ ਨਿਗਰਾਨੀ ਅਤੇ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ IVR ਹੈਲਪਲਾਈਨ ਸ਼ਾਮਲ ਹੋਵੇਗੀ।
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੁਰੱਖਿਆ ਵਿੱਚ ਵਾਧਾ ਹੋਵੇਗਾ, ਖਾਸ ਕਰਕੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਬਿਹਤਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਰੀ ਊਰਜਾ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕਈ ਸੋਲਰ ਪ੍ਰੋਜੈਕਟਾਂ ‘ਤੇ ਵੀ ਕੰਮ ਕਰ ਰਹੀ ਹੈ।
ਉਨ੍ਹਾਂ ਇਸ ਯੋਜਨਾ ਨੂੰ ਕ੍ਰਾਂਤੀਕਾਰੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸੁਰੱਖਿਆ ਵਿੱਚ ਵਾਧਾ ਹੋਵੇਗਾ ਸਗੋਂ ਸੂਬੇ ਭਰ ਦੇ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਮਜ਼ਬੂਤੀ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਆਪਣੀਆਂ ਮੀਟਿੰਗਾਂ ਵਿੱਚ ਲਗਾਤਾਰ ਲੋਕ ਪੱਖੀ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਪਹਿਲ ਦਿੰਦਾ ਹੈ, ਜਿਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਮਾਂ-ਧੀ ਦਾ ਸਤਿਕਾਰ ਸਕੀਮ, ਪੰਜਾਬ ਵਿੱਚ 9000 ਤੋਂ ਵੱਧ ਸਟੇਡੀਅਮਾਂ ਦੀ ਉਸਾਰੀ ਅਤੇ ਮੁੱਖ ਮੰਤਰੀ ਸ.ਭਗਵਾਨ ਸਿੰਘ ਦੀ ਸੋਚ ਅਨੁਸਾਰ ਰੰਗਲਾ ਪੰਜਾਬ ਬਣਾਉਣ ਲਈ ਕਈ ਹੋਰ ਸਕੀਮਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਰੋਸ਼ਨ ਪੰਜਾਬ ਯੋਜਨਾ’ ਤਹਿਤ ਗ੍ਰਾਮ ਪੰਚਾਇਤਾਂ ‘ਤੇ ਪਏ ਵਿੱਤੀ ਬੋਝ ਨੂੰ ਕਾਫੀ ਹੱਦ ਤੱਕ ਘਟਾਇਆ ਗਿਆ ਹੈ। ਪਹਿਲਾਂ ਸਟਰੀਟ ਲਾਈਟਾਂ ਲਗਾਉਣ ਲਈ ਪੰਚਾਇਤਾਂ ਨੂੰ 70 ਫੀਸਦੀ ਖਰਚਾ ਝੱਲਣਾ ਪੈਂਦਾ ਸੀ ਪਰ ਹੁਣ ਸੂਬਾ ਸਰਕਾਰ 70 ਫੀਸਦੀ ਖਰਚੇਗੀ ਜਦਕਿ ਪੰਚਾਇਤਾਂ ਸਿਰਫ 30 ਫੀਸਦੀ ਹਿੱਸਾ ਪਾਉਣਗੀਆਂ। ਇਸ ਮੌਕੇ ‘ਆਪ’ ਆਗੂ ਆਤਮ ਪ੍ਰਕਾਸ਼ ਬਬਲੂ, ਤਰੁਣਦੀਪ ਸਿੰਘ ਵੀ ਹਾਜ਼ਰ ਸਨ।
