ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ‘ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚਾਨਾ (ਜੈਤੋ) ਨੇ 650 ‘ਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ |ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਸਕੂਲ ਅਤੇ ਫ਼ਰੀਦਕੋਟ ਸ਼ਹਿਰ ਦਾ ਨਾਂਅ ਰੌਸ਼ਨ ਹੋ ਗਿਆ ਹੈ | ਪੰਜਾਬ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਸਨਮਾਨਿਤ ਕਰਦਿਆਂ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਂਟ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਹੋਣਹਾਰ ਬੱਚਿਆਂ ਨੂੰ ਹਰ ਸੰਭਵ ਮੌਕੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਲੀਨ ਸ਼ਰਮਾ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਮਿਹਨਤ ਅਤੇ ਲਗਨ ਨਾਲ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ, ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਲੀਨ ਸ਼ਰਮਾ ਦੀ ਮਾਤਾ ਰੇਣੂ ਬਾਲਾ ਅਤੇ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਲੀਨ ਸ਼ਰਮਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਜ਼ਿਲ੍ਹਾ ਫਰੀਦਕੋਟ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਹੀ ਵਿਦਿਆਰਥੀ ਅਜਿਹੀਆਂ ਉਚਾਈਆਂ ਹਾਸਲ ਕਰਦੇ ਹਨ। ਉਸ ਨੇ ਹਰਲੀਨ ਸ਼ਰਮਾ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਫ਼ਰੀਦਕੋਟ ਸ: ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ: ਅਮੋਲਕ ਸਿੰਘ, ਸਕੱਤਰ ਸਕੂਲ ਸਿੱਖਿਆ ਪੰਜਾਬ ਮੈਡਮ ਸੋਨਾਲੀ ਗਿਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਾਸਲ ਅਤੇ ਪਿ੍ੰਸੀਪਲ ਕੁਸਮ ਕਾਲੜਾ ਨੇ ਵੀ ਹਰਲੀਨ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
