ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਇੱਕ ਕਲਰਕ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।



ਚੰਡੀਗੜ੍ਹ, 15 ਮਈ, 2026:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕੰਵਰਪ੍ਰੀਤ ਸਿੰਘ, ਐਸ.ਡੀ.ਓ ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਨ੍ਹਾਂ ਨੇ ਵੱਖ-ਵੱਖ ਥਾਵਾਂ ‘ਤੇ 02 ਸੋਲਰ ਸਿਸਟਮ ਲਗਾਏ ਸਨ। ਇਨ੍ਹਾਂ ਸੋਲਰ ਸਿਸਟਮਾਂ ਦਾ ਪੀਐਸਪੀਸੀਐਲ ਦੁਆਰਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਮੀਟਰ ਕੀਤਾ ਜਾਣਾ ਸੀ। ਇਸ ਸਬੰਧੀ ਮੁਲਜ਼ਮ ਐਸ.ਡੀ.ਓ ਜਸਕੰਵਰਪ੍ਰੀਤ ਸਿੰਘ, ਐਸ.ਡੀ.ਓ ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਪੜਤਾਲ ਅਤੇ ਐਸਟੀਮੇਟ ਰਿਪੋਰਟ ਤਿਆਰ ਕਰਨ ਦੇ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੀ ਸ਼ਿਕਾਇਤ ‘ਤੇ ਮੁੱਢਲੀ ਪੜਤਾਲ ਤੋਂ ਬਾਅਦ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Comment

Your email address will not be published. Required fields are marked *

Scroll to Top