ਵਿਜੀਲੈਂਸ ਬਿਊਰੋ ਨੇ ਸਹਾਇਕ ਸਬ-ਇੰਸਪੈਕਟਰ ਨੂੰ 18000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ



ਚੰਡੀਗੜ੍ਹ, 2 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵਿੰਦਰ ਸਿੰਘ ਨੂੰ 18000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧੀ ਰਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਥਾਣਾ ਸ਼ੁਤਰਾਣਾ ਦੀ ਪੁਲਸ ਨੂੰ ਸੂਚਨਾ ਦਿੱਤੀ ਅਤੇ ਬਾਅਦ ‘ਚ ਦੋਸ਼ੀ ਅਧਿਕਾਰੀ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ ਨੇ ਹਮਲਾ ਕਰਨ ਵਾਲੀ ਦੂਜੀ ਧਿਰ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੇ ਕਹਿਣ ’ਤੇ ਮੁਲਜ਼ਮ ਏਐਸਆਈ 18000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ।

ਨਜਾਇਜ਼ ਰਿਸ਼ਵਤ ਦੇਣ ਤੋਂ ਅਸਮਰੱਥ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top