ਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਨੂੰ ਲੈ ਕੇ ਕਥਿਤ ਤੌਰ ‘ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ ‘ਚ ਹਰਿਆਣਾ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਪ੍ਰਸ਼ਾਸਨਿਕ ਭਰੋਸੇਯੋਗਤਾ ‘ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਲੋਕਤੰਤਰੀ ਸੰਸਥਾਵਾਂ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ‘ਤੇ ਵੀ ਚਿੰਤਾਵਾਂ ਪੈਦਾ ਕੀਤੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਮਾਮਲੇ ਵਿੱਚ ਝੂਠੀਆਂ ਜਾਂ ਗੁੰਮਰਾਹਕੁੰਨ ਰਿਪੋਰਟਾਂ ਤਿਆਰ ਕਰਨਾ ਕਾਨੂੰਨੀ ਅਤੇ ਨੈਤਿਕ ਤੌਰ ‘ਤੇ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਿਰਪੱਖ ਤੌਰ ‘ਤੇ ਦੋ ਪ੍ਰਵਾਨਿਤ ਲੈਬਾਂ ਤੋਂ ਇਸ ਦੀ ਜਾਂਚ ਕਰਵਾਈ ਸੀ ਪਰ ਭਗਵੰਤ ਮਾਨ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਛੇਵੇਂ ਪਾਤਸ਼ਾਹ ਵੱਲੋਂ ਸਥਾਪਿਤ ਕੀਤਾ ਗਿਆ ਸਿੰਘਾਸਨ ਹੈ, ਜਿਸ ਨਾਲ ਭਗਤ ਕਦੇ ਵੀ ਕਾਮਯਾਬ ਨਹੀਂ ਹੁੰਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਹੋਰ ਵੀ ਦੁਖਦਾਈ ਪਹਿਲੂ ਹੈ ਕਿ ਜਿਨ੍ਹਾਂ ਨੇ ਕਾਨੂੰਨ ਦੀ ਰਾਖੀ ਦੀ ਸਹੁੰ ਚੁੱਕੀ ਹੈ, ਉਹ ਧੋਖਾਧੜੀ ਕਰ ਰਹੇ ਹਨ। ਆਪਣੀਆਂ ਗਲਤੀਆਂ ਦਾ ਦੋਸ਼ ਦੂਜਿਆਂ ‘ਤੇ ਮੜ੍ਹ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਕ ਅਹੁਦੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸਿਆਸੀ ਪ੍ਰਭਾਵ ਤੋਂ ਮੁਕਤ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਉਪਰ ਨਹੀਂ ਸਮਝਿਆ ਜਾਣਾ ਚਾਹੀਦਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਹੋਣ ਨਾਲ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਇਹ ਪਾਰਟੀ ਸਿੱਖ ਸੰਸਥਾਵਾਂ ਪ੍ਰਤੀ ਲੋਕਾਂ ਨੂੰ ਭਰਮਾਉਣ ਲਈ ਕੂੜ ਪ੍ਰਚਾਰ ਕਰ ਰਹੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਧੋਖੇਬਾਜ਼ ਮੁੱਖ ਮੰਤਰੀ ਨੂੰ ਮੂੰਹ ਨਾ ਲਾਉਣ ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
