ਉਨ੍ਹਾਂ ਨੂੰ ਗੁਰੂ-ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦੇ ਕੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਾ ਨੈਤਿਕ ਤੌਰ ‘ਤੇ ਠੀਕ ਨਹੀਂ ਹੈ।
ਚੰਡੀਗੜ੍ਹ, 15 ਜੂਨ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਗੁਰੂ ਸਾਹਿਬਾਨ ਦੀ ਤਸਵੀਰ ‘ਤੇ ਸ਼ਰਾਬ ਦੇ ਛਿੱਟੇ ਪਾਉਣ ਦੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ-ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਖਾਲਸਾ ਪੰਥ ਦੇ ਸਿੱਖਾਂ ਨੂੰ ਉਨ੍ਹਾਂ ਨਾਲ ਕੋਈ ਸਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ ਅਤੇ ਇਸ ਤੋਂ ਜਾਰੀ ਹਰ ਹੁਕਮ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸਤਿਕਾਰ ਅਤੇ ਪ੍ਰਵਾਨ ਕਰਦੀਆਂ ਹਨ।
ਸਰਦਾਰ ਢਿੱਲੋਂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ-ਦੋਖੀ ਅਤੇ ਖਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਜਾਂਦਾ ਹੈ ਤਾਂ ਇਸ ਦੇ ਗੰਭੀਰ ਸਮਾਜਿਕ ਅਤੇ ਨੈਤਿਕ ਪ੍ਰਭਾਵ ਹੁੰਦੇ ਹਨ। ਅਜਿਹੇ ਹਾਲਾਤ ਵਿੱਚ ਪੰਜਾਬ ਸਰਕਾਰ ਦੇ ਅੰਦਰ ਕੰਮ ਕਰਨ ਵਾਲੇ ਸਿੱਖ ਮੰਤਰੀਆਂ ਅਤੇ ਅਧਿਕਾਰੀਆਂ ਲਈ ਵੀ ਅਣਸੁਖਾਵੀਂ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ‘ਤੇ ਅਸਰ ਪੈ ਸਕਦਾ ਹੈ, ਜੋ ਕਿ ਸਰਹੱਦੀ ਸੂਬੇ ਪੰਜਾਬ ਦੇ ਹਿੱਤ ‘ਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਸਮੁੱਚੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੇ ਸਿਰਮੌਰ ਅਤੇ ਸਦੀਵੀ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਸ ਵਿਰੁੱਧ ਅਜਿਹਾ ਸਖ਼ਤ ਫੈਸਲਾ ਸੁਣਾ ਦਿੱਤਾ ਹੈ ਤਾਂ ਲੋਕਤੰਤਰੀ ਰਵਾਇਤਾਂ ਅਤੇ ਨੈਤਿਕ ਮਿਆਰਾਂ ਦੇ ਮੱਦੇਨਜ਼ਰ ਉਸ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਜਿਸ ਨਾਲ ਪੰਜਾਬ ਦਾ ਪ੍ਰਸ਼ਾਸਨਿਕ ਢਾਂਚਾ ਮਜ਼ਬੂਤ ਹੋਵੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦਾ ਭਰੋਸਾ ਵਧੇ।
