ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿਧਾਨ ਸਭਾ ਵੱਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026” ਪਾਸ ਹੋਣ ਅਤੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਦੀ ਪ੍ਰਵਾਨਗੀ ਮਿਲਣ ‘ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ।
ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਵਿਧਾਨ ਸਭਾ ਵੱਲੋਂ 13 ਅਪਰੈਲ 2026 ਨੂੰ ਪਾਸ ਕੀਤਾ ਗਿਆ ਸੋਧ ਬਿੱਲ ਹੁਣ ਰਾਜਪਾਲ ਦੇ ਦਸਤਖ਼ਤਾਂ ਮਗਰੋਂ ਕਾਨੂੰਨ ਬਣ ਗਿਆ ਹੈ। ਇਸ ਸੋਧ ਤਹਿਤ ਈਸ਼ਨਿੰਦਾ ਕਰਨ ਵਾਲੇ ਨੂੰ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋਵੇਗੀ। ਧਿਆਨ ਯੋਗ ਹੈ ਕਿ ਸੰਸਦ ਦੇ ਬਜਟ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕੀਤੀ। ਇਹ ਪਹਿਲੀ ਵਾਰ ਸੀ ਜਦੋਂ ਕਿਸੇ ਸੰਸਦ ਮੈਂਬਰ ਨੇ ਈਸ਼ਨਿੰਦਾ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਉਠਾਈ ਸੀ।
ਸੰਤ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਰਾਜਪਾਲ ਵੱਲੋਂ ਇਸ ਬਿੱਲ ਨੂੰ ਮਨਜ਼ੂਰੀ ਮਿਲਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 2015 ਵਿੱਚ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਘਟਨਾਵਾਂ ਦੇ ਦਾਗ ਅੱਜ ਵੀ ਹਨ। ਈਸ਼ਨਿੰਦਾ ਦੀਆਂ ਇਨ੍ਹਾਂ ਘਟਨਾਵਾਂ ਨੇ ਸਮੁੱਚੇ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ 11 ਸਾਲ ਬਾਅਦ ਵੀ ਦੋਸ਼ੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ।
