ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨ ਨਾਲ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਤਰਫਾ ਕਾਰਵਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉੱਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦਾ ਧਾਰਮਿਕ ਪਹਿਰਾਵਾ ਹੈ, ਜਿਸ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਹਰ ਸਰਕਾਰੀ ਅਧਿਕਾਰੀ ਦੀ ਇਹ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਉਹ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਤਾਜ਼ਾ ਘਟਨਾ ਵਿੱਚ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ‘ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਝਗੜਾ ਹੋਇਆ। ਪੁਲਿਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਬਜਾਏ ਸਿੱਖ ਸ਼ਰਧਾਲੂਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਫੜੇ ਗਏ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪੱਗਾਂ ਲਾਹੁਣ ਕਰਕੇ ਸ਼ਰੇਆਮ ਜ਼ਲੀਲ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਭਾਈਚਾਰੇ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਕੌਮ ਨੂੰ ਸ਼ਾਂਤੀ, ਸੰਜਮ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਾ ਹੋਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਕਿਹਾ ਕਿ ਉਹ ਸਿੱਖ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਨ। ਉਨ੍ਹਾਂ ਉੱਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਰੋਕਣ ਦੀ ਵੀ ਅਪੀਲ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
