ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ


ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ।

ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸ ਦਾ ਹੀਰੋ ਡੀਲਕਸ ਮੋਟਰਸਾਈਕਲ, ਰਜਿਸਟ੍ਰੇਸ਼ਨ ਨੰਬਰ ਪੀ.ਬੀ.02-ਡੀਯੂ-3533 ਵੀ ਜ਼ਬਤ ਕਰ ਲਿਆ, ਜਿਸ ਦੀ ਉਹ ਖੇਪ ਸਪਲਾਈ ਕਰਨ ਲਈ ਵਰਤ ਰਿਹਾ ਸੀ। ਜ਼ਿਕਰਯੋਗ ਹੈ ਕਿ 6 ਜੁਲਾਈ 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ‘ਚ ਇਹ ਤੀਜਾ ਮਾਮਲਾ ਹੈ, ਜਿਸ ‘ਚ ਨਸ਼ਾ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸਿਰਫ 10 ਦਿਨਾਂ ‘ਚ ਕੁੱਲ 68 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਸ ਤੋਂ ਪਹਿਲਾਂ ਸੀ.ਆਈ.ਅੰਮ੍ਰਿਤਸਰ ਨੇ 6 ਜੁਲਾਈ ਨੂੰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਭਰ ਦੀਆਂ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸਨੂੰ ਅੰਮ੍ਰਿਤਸਰ ਦੇ ਕੰਬੋਆ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਉਣ ਜਾ ਰਹੇ ਹਨ। ਉਸਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਚੌਕਸੀ ਨਾਲ ਕੰਮ ਕਰਦੇ ਹੋਏ ਗੌਂਸਾਬਾਦ, ਅੰਮ੍ਰਿਤਸਰ ਨੇੜੇ ਉਸਦੇ ਮੋਟਰਸਾਈਕਲ ਨੂੰ ਨਾਕਾਬੰਦੀ ਕਰਕੇ ਰੋਕਿਆ, ਜਿਸ ਵਿੱਚ ਉਸਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਿਤੀ 14-07-2026 ਨੂੰ ਮੁਕੱਦਮਾ ਨੰਬਰ 46 ਦਰਜ ਕੀਤਾ ਗਿਆ ਹੈ।

Leave a Comment

Your email address will not be published. Required fields are marked *

Scroll to Top