ਊਨਾ, 12 ਮਈ: ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤਹਿਤ ਊਨਾ ਜ਼ਿਲ੍ਹੇ ਦੇ 17 ਵਾਰਡਾਂ ਵਿੱਚ ਦਾਖ਼ਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ, ਜਦਕਿ 53 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ।
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 55 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ।
ਪੜਤਾਲ ਦੌਰਾਨ ਵਾਰਡ ਨੰ: 11 ਬਾਠੂ ਤੋਂ ਉਮੀਦਵਾਰ ਰੋਜ਼ੀ ਅਤੇ ਵਾਰਡ ਨੰ: 13 ਹਰੋਲੀ ਤੋਂ ਉਮੀਦਵਾਰ ਨਿਰਮਲ ਕੌਰ ਦੇ ਨਾਮਜ਼ਦਗੀ ਪੱਤਰ ਨਿਰਧਾਰਤ ਯੋਗਤਾ ਦਸਤਾਵੇਜ਼ਾਂ ਵਿੱਚ ਲੋੜੀਂਦੀਆਂ ਰਸਮਾਂ ਪੂਰੀਆਂ ਨਾ ਹੋਣ ਕਾਰਨ ਰੱਦ ਕਰ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਹੁਣ 14 ਅਤੇ 15 ਮਈ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਨਾਮ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ ਅਤੇ ਅੰਤਿਮ ਉਮੀਦਵਾਰਾਂ ਦੀ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।
