ਮੁੱਖ ਮੰਤਰੀ ਭਗਵੰਤ ਮਾਨ 11 ਜੂਨ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀਆਂ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਤ ਮੁੱਖ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕਰਨਗੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਸ਼ਿਰਕਤ ਕਰਨਗੇ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਆਪਣਾ ਪੱਖ ਰੱਖਣਗੇ। ਮੁੱਖ ਮੰਤਰੀ ਮਾਨ ਮੀਟਿੰਗ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਨੂੰ ਉਠਾਉਣਗੇ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਾਈਵੇਟ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ। ਮੀਟਿੰਗ ਵਿੱਚ ਉੱਤਮ ਸਕੂਲਾਂ ਦੀ ਸਥਾਪਨਾ, ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲਾਂ ਦੇ ਵਿਕਾਸ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਧ ਰਹੀ ਸਫ਼ਲਤਾ ਦਾ ਵੀ ਜ਼ਿਕਰ ਕੀਤਾ ਜਾਵੇਗਾ। ਸੂਬਾ ਸਰਕਾਰ ਇਨ੍ਹਾਂ ਪਹਿਲੂਆਂ ਨੂੰ ਸਿੱਖਿਆ ਖੇਤਰ ਵਿੱਚ ਬਦਲਾਅ ਵਜੋਂ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਖੇਤੀ ਸੈਕਟਰ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਦਾ ਜ਼ਿਕਰ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਸਾਲਾਂ ਤੋਂ ਬੰਦ ਪਈਆਂ ਕਈ ਨਹਿਰਾਂ ਮੁੜ ਖੋਲ੍ਹ ਦਿੱਤੀਆਂ ਗਈਆਂ ਹਨ। ਇਸ ਕਾਰਨ ਖੇਤੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਧ ਗਈ ਹੈ। ਸਿਹਤ ਖੇਤਰ ਵਿੱਚ ਮੁੱਖ ਮੰਤਰੀ ਮਾਨ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ। ਇਸ ਤੋਂ ਇਲਾਵਾ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ, ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਵਿਸਥਾਰ ਅਤੇ ਸਿਹਤ ਖੇਤਰ ਵਿੱਚ ਹੋਰ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
